ਨਵੀਂ ਦਿੱਲੀ, 1 ਅਕਤੂਬਰ (ਹਿੰ.ਸ.)। ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ 'ਤੇ ਦੇਸ਼ ਭਰ ਵਿੱਚ 51 ਸਥਾਨਾਂ 'ਤੇ ਆਯੋਜਿਤ ਸਹਾਇਕ ਯੰਤਰ ਵੰਡ ਕੈਂਪ ਦਾ ਉਦਘਾਟਨ ਕੀਤਾ। ਨਵੀਂ ਦਿੱਲੀ ਦੇ ਡਾ. ਅੰਬੇਦਕਰ ਇੰਟਰਨੈਸ਼ਨਲ ਸੈਂਟਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਰਾਸ਼ਟਰੀ ਵਯੋਸ਼੍ਰੀ ਯੋਜਨਾ ਦੇ ਤਹਿਤ ਕੈਂਪਾਂ ਵਿੱਚ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਵਿੱਚ ਸਹਾਇਕ ਯੰਤਰ ਮੁਹੱਈਆ ਕਰਵਾਏ ਗਏ।
ਇਸ ਮੌਕੇ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਇਹ ਉਪਰਾਲਾ ਸਾਡੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਉਨ੍ਹਾਂ ਨੂੰ ਉਹ ਸਮਰਥਨ ਮਿਲੇ ਜਿਸਦੇ ਉਹ ਹੱਕਦਾਰ ਹਨ। ਇਸ ਪ੍ਰੋਗਰਾਮ ਵਿੱਚ ਰਾਜ ਮੰਤਰੀ ਬੀਐਲ ਵਰਮਾ ਵੀ ਮੌਜੂਦ ਰਹੇੇ।
ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ 'ਤੇ ਏਅਰ ਫੋਰਸ ਬਾਲ ਭਾਰਤੀ ਸਕੂਲ ਲੋਧੀ ਰੋਡ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੂੰ ਬਜ਼ੁਰਗ ਪੀੜ੍ਹੀ ਦਾ ਸਤਿਕਾਰ ਯਕੀਨੀ ਬਣਾਉਣ ਲਈ ਸਹੁੰ ਚੁਕਾਈ ਗਈ | ਬੱਚਿਆਂ ਨੂੰ ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਅਤੇ ਰਾਜ ਮੰਤਰੀ ਬੀ.ਐਲ. ਵਰਮਾ ਨੇ ਸਹੁੰ ਚੁਕਾਈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ