ਚੰਡੀਗੜ੍ਹ, 22 ਦਸੰਬਰ (ਹਿੰ.ਸ.)। ਮੋਹਾਲੀ ਦੇ ਸੋਹਾਣਾ ਵਿਖੇ ਸ਼ਨੀਵਾਰ ਸ਼ਾਮ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਵਾਪਰੇ ਹਾਦਸੇ ’ਚ ਇਕ ਲੜਕੀ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਮਲਬੇ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜੰਗ ਪੱਧਰ ’ਤੇ ਜਾਰੀ ਹਨ। ਐਨਡੀਆਰਐਫ, ਆਰਮੀ ਪੁਲਸ ਅਤੇ ਜ਼ਿਲਾ ਪ੍ਰਸ਼ਾਸ਼ਨ ਸਾਂਝੇ ਤੌਰ ’ਤੇ ਆਪਰੇਸ਼ਨ ਚਲਾ ਕੇ ਮਲਬੇ ਹੇਠ ਫਸੇ ਹੋਰਨਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੱਲ ਰਹੇ ਬਚਾਅ ਕਾਰਜਾਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਫੋਨ ਤੇ ਗੱਲ ਕੀਤੀ ਅਤੇ ਉਨ੍ਹਾਂ ਨੇ ਪੀੜਤਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਦੀਪਕ ਪਾਰੀਕ ਸਮੇਤ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੀੜਤਾਂ ਦੀ ਸੁਰੱਖਿਆ ਨੂੰ ਹਰ ਕੀਮਤ 'ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਅਨੁਸਾਰ ਪ੍ਰਸ਼ਾਸਨ ਮਲਬੇ ਵਿੱਚ ਫਸੇ ਇੱਕ-ਇੱਕ ਵਿਅਕਤੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਐਨਡੀਆਰਐਫ ਅਤੇ ਆਰਮੀ ਕੋਲ ਪਹਿਲਾਂ ਤੋਂ ਮੌਜੂਦ ਲੋੜੀਂਦੇ ਸਾਜ਼ੋ-ਸਾਮਾਨ ਅਤੇ ਮਸ਼ੀਨਰੀ ਦੇ ਨਾਲ ਸਥਾਨਕ ਤੌਰ ਤੇ ਲੋੜੀਂਦੀ ਮਸ਼ੀਨਰੀ ਵੀ ਉਪਲਬਧ ਕਰਵਾਈ ਗਈ ਹੈ। ਪ੍ਰਸ਼ਾਸਨ ਵਲੋਂ ਸ਼ਹਿਰ ਦੇ ਸਾਰੇ ਪ੍ਰਮੁੱਖ ਹਸਪਤਾਲਾਂ ਜਿਵੇਂ ਕਿ ਸਿਵਲ ਹਸਪਤਾਲ, ਫੋਰਟਿਸ, ਮੈਕਸ ਅਤੇ ਸੋਹਾਣਾ ਹਸਪਤਾਲਾਂ ਨੂੰ ਜ਼ਖਮੀਆਂ ਲਈ ਐਮਰਜੈਂਸੀ ਸੇਵਾਵਾਂ ਦੀ ਪੂਰਤੀ ਲਈ ਅਲਰਟ 'ਤੇ ਰੱਖਿਆ ਗਿਆ ਹੈ।
--------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ