ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕਲੌਤੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਸ਼ਾਮਲ
ਨਵੀਂ ਦਿੱਲੀ, 27 ਮਾਰਚ (ਹਿ. ਸ.)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ
37


ਨਵੀਂ ਦਿੱਲੀ, 27 ਮਾਰਚ (ਹਿ. ਸ.)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਇਕਲੌਤੇ ਸਾਂਸਦ ਰਿੰਕੂ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ। ਦੋਵਾਂ ਨੇ ਦਿੱਲੀ ਵਿਖੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਨਾਂ ਆਗੂਆਂ ਦੀ ਹਾਜ਼ਰੀ ’ਚ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰ ਐਲਾਨਿਆ ਹੋਇਆ ਹੈ।

ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਿਛਲੇ ਸਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਸੁਸ਼ੀਲ ਕੁਮਾਰ ਰਿੰਕੂ ਮਈ 2023 ਵਿੱਚ ਹੋਈ ਜਲੰਧਰ ਸੰਸਦੀ ਉਪ ਚੋਣ ਦੌਰਾਨ ਜਿੱਤੇ ਸਨ। ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਅਤੇ 2017 ਵਿੱਚ ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੇ ਸਨ। ਉਹ ਪਿਛਲੇ ਇਕ ਸਾਲ ਤੋਂ ਇਸ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ।

ਉੱਥੇ ਹੀ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਸਵੇਰੇ ਹੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਜਲੰਧਰ ਪੱਛਮੀ ਤੋਂ ਵਿਧਾਇਕ ਦਾ ਲੋਕ ਸਭਾ ਚੋਣਾਂ ਦੌਰਾਨ ਭਾਜਪਾ ’ਚ ਸ਼ਾਮਿਲ ਹੋਣਾ 'ਆਪ' ਪਾਰਟੀ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande