ਡੀ. ਸੀ. ਗੁਰਦਾਸਪੁਰ ਵੱਲੋਂ 15 ਜੂਨ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼
ਗੁਰਦਾਸਪੁਰ, 25 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇ
ਗੁਰਦਾਸਪੁਰ


ਗੁਰਦਾਸਪੁਰ, 25 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 15 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ। ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕਰ ਰਹੇ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸੇਮ ਨਾਲਿਆਂ ਨੂੰ ਸਾਫ਼ ਕਰਨ ਦੇ ਨਾਲ ਨਾਲਿਆਂ ਦੇ ਪੁਲ ਅਤੇ ਪੁਲੀਆਂ ਨੂੰ ਵੀ ਸਾਫ਼ ਕੀਤਾ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਕੋਈ ਰੋਕ ਨਾ ਆਵੇ। ਉਨ੍ਹਾਂ ਕਿਹਾ ਕਿ ਦਰਿਆ ਬਿਆਸ ਅਤੇ ਰਾਵੀ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਸਬੰਧੀ ਐਕਸੀਅਨ ਡਰੇਨਜ਼ ਨੇ ਦੱਸਿਆ ਕਿ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ 3 ਤੋਂ 4 ਫੁੱਟ ਉੱਚਾ ਕਰਨ ਸਬੰਧੀ ਪ੍ਰੋਜੈਕਟ ਮਨਜ਼ੂਰੀ ਲਈ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ ਅਤੇ ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦ ਹੀ ਪਾਸ ਹੋ ਜਾਵੇਗਾ ਜਿਸ ਉਪਰੰਤ ਬਰਸਾਤੀ ਸੀਜ਼ਨ ਤੋਂ ਪਹਿਲਾਂ ਧੁੱਸੀ ਬੰਨ੍ਹ ਨੂੰ ਮਜ਼ਬੂਤ ਤੇ ਉੱਚਾ ਕਰ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਕੇ ਰੱਖੇ ਜਾਣ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਜੂਨ ਤੋਂ ਪਹਿਲਾਂ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਫ਼ਾਈ ਦੇ ਨਾਲ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ। ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਅਣਗਹਿਲੀ ਵਰਤੀ ਗਈ ਤਾਂ ਸਬੰਧਿਤ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡਾਂ ਦੇ ਛੱਪੜਾਂ ਨੂੰ ਵੀ ਸਮਾਂ ਰਹਿੰਦਿਆਂ ਸਾਫ਼ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਨੇ ਬੀ.ਐੱਸ.ਐੱਫ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਨਾਲ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੇ ਹੋਰ ਸਰਕਾਰੀ ਦਫ਼ਤਰਾਂ, ਅਦਾਰਿਆਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਨੂੰ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਨੂੰ ਸ਼ੁਰੂ ਕਰ ਲਿਆ ਜਾਵੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande