ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਸਰਕਾਰੀ ਸਕੂਲ 'ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਤਪਾ, 26 ਅਪ੍ਰੈਲ (ਹਿ. ਸ.)। ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵ
ਤਪਾ


ਤਪਾ, 26 ਅਪ੍ਰੈਲ (ਹਿ. ਸ.)। ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ’ਚ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਤਪਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਇਸ ਸਾਲ ਵਿਸ਼ਵ ਮਲੇਰੀਆ ਦਿਵਸ ਦਾ ਥੀਮ 'ਵਧੇਰੇ ਬਰਾਬਰੀ ਵਾਲੇ ਸੰਸਾਰ ਲਈ ਮਲੇਰੀਆ ਵਿਰੁੱਧ ਲੜਾਈ ਨੂੰ ਤੇਜ਼ ਕਰਨਾ' ਹੈ। ਇਸ ਵਿਸ਼ੇ ਦਾ ਮਕਸਦ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ, 5 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ ਸਭ ਤੋਂ ਕਮਜ਼ੋਰ ਸਥਿਤੀਆਂ ਵਿੱਚ ਰਹਿ ਰਹੇ ਲੋਕਾਂ ਲਈ ਮਲੇਰੀਆ ਨੂੰ ਖਤਮ ਕਰਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਸ ਲਈ ਆਓ ਅਸੀਂ ਸਭ ਰਲ ਮਿਲ ਕੇ ਸਾਡੇ ਕੋਲ ਮੌਜੂਦ ਸਾਰੇ ਸਰੋਤਾਂ ਦੀ ਵਰਤੋਂ ਕਰੀਏ ਤਾਂ ਜੋ ਮਲੇਰੀਆ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ।

ਇਸ ਮੌਕੇ ਐਸ.ਆਈ. ਰਣਜੀਵ ਕੁਮਾਰ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਅਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਅਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਕਰਾਉਣੀ ਚਾਹੀਦੀ ਹੈ। ਮਲੇਰੀਆ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਕੂਲਰਾਂ, ਗਮਲਿਆਂ ਆਦਿ ਅਤੇ ਆਲੇ ਦੁਆਲੇ ਗਲੀਆਂ, ਨਾਲੀਆਂ ਆਦਿ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande