ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ 'ਚ ਸ਼ਾਮਲ
ਚੰਡੀਗੜ੍ਹ, 30 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਮਾਣਮੱਤੀਆਂ ਸ਼ਖਸੀਅਤਾਂ ਵੱਲੋਂ ਘਰ ਵਾਪਸੀ
ਚੰਡੀਗੜ੍ਹ


ਚੰਡੀਗੜ੍ਹ, 30 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਮਾਣਮੱਤੀਆਂ ਸ਼ਖਸੀਅਤਾਂ ਵੱਲੋਂ ਘਰ ਵਾਪਸੀ ਨਾਲ ਪੰਜਾਬ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਪੰਜਾਬ ਪੁਲਿਸ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ, ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਵਲੋਂ ਆਯੋਜਿਤ ਕੀਤੇ ਇੱਕ ਸਮਾਰੋਹ ਦੌਰਾਨ ਅਧਿਕਾਰਤ ਤੌਰ 'ਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਗੁਰਿੰਦਰ ਸਿੰਘ ਢਿੱਲੋਂ ਨੇ ਕੁੱਝ ਦਿਨ ਪਹਿਲਾਂ ਪੰਜਾਬ ਪੁਲਿਸ ਤੋਂ ਸਵੈਇੱਛਤ ਸੇਵਾਮੁਕਤੀ ਲਈ ਸੀ। ਆਪਣੀ ਪਤਨੀ ਸਮੇਤ ਢਿੱਲੋਂ ਪਾਰਟੀ ਵਿੱਚ ਸ਼ਾਮਿਲ ਹੋਏ ਅਤੇ ਉਹਨਾਂ ਨੇ ਸਮਾਜ ਸੇਵਾ ਦੇ ਇੱਕ ਨਵੇਂ ਪੜਾਅ ਵੱਲ ਕਦਮ ਵਧਾਏ ਹਨ। ਇਹ ਕਦਮ ਕਾਂਗਰਸ ਲਈ ਮਹੱਤਵਪੂਰਨ ਸਾਬਿਤ ਹੋਣਗੇ।

ਇਸ ਤੋਂ ਇਲਾਵਾ, ਪੰਜਾਬ ਕਾਂਗਰਸ ਨੇ ਵੀ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਵਾਰਤਾ ਦੌਰਾਨ ਕਈ ਹੋਰ ਉੱਘੀਆਂ ਰਾਜਨੀਤਿਕ ਸ਼ਖਸੀਅਤਾਂ ਸਮੇਤ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦਾ ਆਪਣੀ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ।

ਪਾਰਟੀ ਦਾ ਸ਼ੁਕਰਾਨਾ ਕਰਦਿਆਂ ਢਿੱਲੋਂ ਕਿਹਾ ਕਿ, ਕਾਨੂੰਨ ਲਾਗੂ ਕਰਨ ਵਾਲੇ ਅਫ਼ਸਰ ਵਜੋਂ ਮੈਂ ਆਪਣੇ ਜੀਵਨ ਦੇ ਲਗਭਗ ਦੋ ਦਹਾਕੇ ਪੰਜਾਬ ਦੀ ਸੇਵਾ ਵਿੱਚ ਸਮਰਪਿਤ ਕੀਤੇ ਹਨ। ਰਾਹੁਲ ਗਾਂਧੀ ਜੀ ਦੇ ਨਿਰਦੇਸ਼ਾਂ ਅਤੇ ਕਾਂਗਰਸ ਪਾਰਟੀ ਨਾਲ ਰਲ ਕੇ ਮੈਂ ਆਪਣੇ ਦੇਸ਼ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਿਹਾ ਹਾਂ।

ਢਿੱਲੋਂ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਅਤੇ ਹਰਿਮੰਦਰ ਸਾਹਿਬ ਦੀ ਯਾਤਰਾ ਵਰਗੇ ਮੌਕਿਆਂ ਦੌਰਾਨ ਰਾਹੁਲ ਗਾਂਧੀ ਨਾਲ ਆਪਣੀਆਂ ਮੁਲਾਕਾਤਾਂ ਦਾ ਜ਼ਿਕਰ ਕੀਤਾ ਅਤੇ ਢਿੱਲੋਂ ਨੇ ਕਿਹਾ ਕਿ ਉਹਨਾਂ ਮੁਲਾਕਾਤਾਂ ਨੇ ਮੈਨੂੰ ਕਾਫ਼ੀ ਪ੍ਰਭਾਵਿਤ ਕੀਤਾ ਸੀ। ਖੁਸ਼ਹਾਲ ਦੇਸ਼ ਲਈ ਕਾਂਗਰਸ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਵੇਖ ਕੇ ਹੀ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ, ਮੈਂ ਹਮੇਸ਼ਾ ਹੀ ਕਾਂਗਰਸ ਪਰਿਵਾਰ ਦਾ ਅਨਿੱਖੜਵਾਂ ਅੰਗ ਰਿਹਾ ਹਾਂ ਅਤੇ ਸਮੇਂ ਸਮੇਂ ਮੈਂ ਪਾਰਟੀ ਦੀ ਵਿਚਾਰਧਾਰਾ ਨੂੰ ਬੁਲੰਦ ਕਰਦਾ ਰਿਹਾ ਹਾਂ। ਬੇਇਨਸਾਫ਼ੀ ਅਤੇ ਤਾਨਾਸ਼ਾਹੀ ਵਿਰੁੱਧ ਚਲ ਰਹੀ ਇਸ ਲੜਾਈ ਵਿੱਚ ਮੈਨੂੰ ਸ਼ਾਮਲ ਕਰਨ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਅਸੀਂ ਪੰਜਾਬ ਵਿੱਚੋਂ 'ਆਪ' ਅਤੇ ਰਾਸ਼ਟਰੀ ਪੱਧਰ 'ਤੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande