ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ ਹੋਈ 100 ਫੀਸਦੀ ਖਰੀਦ :ਹਰਚੰਦ ਸਿੰਘ ਬਰਸਟ
ਮੁਹਾਲੀ, 27 ਮਈ (ਹਿ. ਸ.)। ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ
Chdd


ਮੁਹਾਲੀ, 27 ਮਈ (ਹਿ. ਸ.)। ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 131.94 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਨਾਲ ਹੀ ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਹੁਣ ਤੱਕ 127.22 ਲੱਖ ਮੀਟ੍ਰਿਕ ਟਨ ਫਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਨਾਲੋਂ ਸਰਕਾਰੀ ਖਰੀਦ ਵਿੱਚ 3 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਰਾਜ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਮਗਰੋਂ ਬਰਸਟ ਨੇ ਦੱਸਿਆ ਕਿ ਖ਼ਰੀਦ ਕਾਰਜ਼ ਸੁਚੱਝੇ ਢੰਗ ਨਾਲ ਚੱਲ ਰਹੇ ਹਨ ਅਤੇ ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 28236.6 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹਾੜੀ ਸੀਜਨ 2024-25 ਆਪਣੇ ਆਖਰੀ ਪੜਾਵ ਵਿੱਚ ਪੁੱਜ ਗਿਆ ਹੈ ਅਤੇ ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਬੰਪਰ ਆਮਦ ਹੋਈ ਹੈ। ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਨਾਲੋਂ ਨਾਲ ਹੋ ਰਹੀ ਹੈ। ਖਰੀਦ ਪ੍ਰਬੰਧਾਂ ਨੂੰ ਸੁਚੱਝੇ ਢੰਗ ਨਾਲ ਚਲਾਉਣ ਲਈ ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਮਚਾਰੀਆਂ ਵੱਲੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਨੇ ਖਰੀਦ ਕਾਰਜਾਂ ਨੂੰ ਸੁਚੱਝੇ ਢੰਗ ਨਾਲ ਨੇਪਰੇ ਚਾੜਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਏਜੰਸੀਆਂ, ਆੜਤੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 131.94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚੋਂ 124.45 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 7.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 127.22 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 39,90,766 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,27,804 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 32,56,186 ਮੀਟ੍ਰਿਕ ਟਨ, ਪਨਸਪ ਵੱਲੋਂ 29,78,396 ਮੀਟ੍ਰਿਕ ਟਨ ਅਤੇ ਵੇਅਰਹਾਉਸ ਵੱਲੋਂ 18,91,922 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 12,39,792 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande