ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ
ਸ੍ਰੀ ਗੋਇੰਦਵਾਲ ਸਾਹਿਬ/ਅੰਮ੍ਰਿਤਸਰ, 06 ਮਈ (ਹਿ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ
ਅੰਮ੍ਰਿਤਸਰ


ਸ੍ਰੀ ਗੋਇੰਦਵਾਲ ਸਾਹਿਬ/ਅੰਮ੍ਰਿਤਸਰ, 06 ਮਈ (ਹਿ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਕਾਰਸੇਵਾ, ਉਦਾਸੀ ਤੇ ਨਿਰਮਲੇ ਸੰਪ੍ਰਦਾਵਾਂ, ਸਿੰਘ ਸਭਾਵਾਂ, ਟਕਸਾਲਾਂ, ਸਿੱਖ ਬੁੱਧੀਜੀਵੀਆਂ ਤੇ ਵਿਦਵਾਨਾਂ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਦੌਰਾਨ ਸਤੰਬਰ ਮਹੀਨੇ ਮਨਾਈ ਜਾਣ ਵਾਲੀਆਂ ਇਨ੍ਹਾਂ ਸ਼ਤਾਬਦੀਆਂ ਸਬੰਧੀ ਦੀਰਘ ਵਿਚਾਰ ਚਰਚਾ ਕੀਤੀ ਗਈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੁੱਜੇ ਨੁਮਾਇੰਦਿਆਂ ਦੇ ਸੁਝਾਅ ਪ੍ਰਾਪਤ ਕੀਤੇ ਗਏ ਹਨ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਦਾ ਆਪਣੇ ਸੁਚੱਜੇ ਤੇ ਕੀਮਤੀ ਸੁਝਾਅ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸੁਝਾਵਾਂ ਨੂੰ ਨੋਟ ਕਰ ਲਿਆ ਗਿਆ ਅਤੇ ਸ਼ਤਾਬਦੀ ਦੇ ਸਮੁੱਚੇ ਸਮਾਗਮ ਇਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਉਲੀਕੇ ਜਾਣਗੇ। ਭਾਈ ਮਹਿਤਾ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਪ੍ਰਾਪਤ ਹੋਏ ਸੁਝਾਵਾਂ ਅਨੁਸਾਰ ਜੋ ਵੀ ਹੋਰ ਸਮਾਗਮ ਉਲੀਕੇ ਜਾਣਗੇ, ਉਨ੍ਹਾਂ ਦੀ ਰੂਪ-ਰੇਖਾ ਤੈਅ ਕਰਕੇ ਜਲਦ ਹੀ ਸੰਗਤ ਨੂੰ ਦੱਸ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਪੰਥਕ ਜਾਹੋ-ਜਲਾਲ ਵਾਲੇ ਅਤੇ ਦੇਸ਼ ਦੁਨੀਆਂ ਵਿਚ ਵਸਦੀ ਸੰਗਤ ਲਈ ਯਾਦਗਾਰ ਹੋਣਗੇ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande