ਮੋਹਾਲੀ, 10 ਜਨਵਰੀ (ਹਿੰ. ਸ.)। ਭਾਰਤ ਦੀ ਕੇਂਦਰ ਸਰਕਾਰ ਕਿਸਾਨਾਂ ਨੂੰ ਫਸਲਾਂ ਉੱਤੇ ਐਮਐਸਪੀ ਦੇਣ ਦੀ ਗਰੰਟੀ ਕਰਨ ਤੋਂ ਭੱਜ ਰਹੀ ਹੈ। ਹਾਲਾਂਕਿ ਪੰਜਾਬ ਵਿੱਚੋਂ ਪਿਛਲੇ ਸਾਲ ਕਣਕ ਦੀ ਫਸਲ 2300 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚੁੱਕੀ ਗਈ ਹੈ ਪਰ ਆਟਾ 40 ਰੁਪਏ ਕਿਲੋ ਵਿਕ ਰਿਹਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਦੀ ਕਿੰਨੀ ਲੁੱਟ ਖਸੁੱਟ ਹੋ ਰਹੀ ਹੈ। ਇਹੀ ਨਹੀਂ ਆਟਾ ਮਿੱਲ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਕਣਕ ਦੀ ਘਾਟ ਕਾਰਨ ਆਟਾ ਮਿੱਲਾਂ ਬੰਦ ਹੋ ਰਹੀਆਂ ਹਨ। ਪਰ ਕੇਂਦਰ ਸਰਕਾਰ ਇੱਕ ਅੰਕ ਚੁੱਪ ਵੱਟ ਕੇ ਬੈਠੀ ਹੈ ਸਟੋਰ ਕਰ ਰਹੇ ਜਾਣਕਾਰੀ ਅਤੇ ਵੱਡੇ ਘਰਾਣਿਆਂ ਨੂੰ ਲੋਕਾਂ ਦੀ ਲੁੱਟ ਦੀ ਖੁੱਲੀ ਛੂਟ ਦੇ ਰਹੀ ਹੈ। ਇਹ ਬਿਆਨ ਜਾਰੀ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ, ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਨੇ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਫੌਰੀ ਤੌਰ ਤੇ ਮੰਨਣ ਦੀ ਅਪੀਲ ਕੀਤੀ ਹੈ।ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਪਿਛਲੇ ਸੀਜ਼ਨ ਵਿੱਚ ਕਣਕ ਦੀ ਉਤਪਾਦਨ ਵਿੱਚ ਕਮੀ ਆਉਣ ਕਾਰਨ ਪੰਜਾਬ ਵਿੱਚ ਕਣਕ ਦੀ ਭਾਰੀ ਘਾਟ ਪੈਦਾ ਹੋ ਗਈ ਹੈ ਅਤੇ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਵੱਲ ਧਿਆਨ ਦੇਣ ਕਾਰਨ ਕਣਕ ਦੀ ਬਿਜਾਈ ਵਿੱਚ ਕਮੀ ਆਈ ਹੈ। ਇਹੀ ਨਹੀਂ, ਭਾਰਤੀ ਖੁਰਾਕ ਨਿਗਮ ਵੱਲੋਂ ਮਿੱਲਾਂ ਨੂੰ ਕਣਕ ਦੀ ਸਪਲਾਈ ਵਿੱਚ ਦੇਰੀ ਹੋਈ ਹੈ। ਕਣਕ ਦੇ ਟੈਂਡਰ ਵਿੱਚ ਭਾਰੀ ਵਾਧਾ ਹੋਣ ਕਾਰਨ ਮਿੱਲਾਂ ਲਈ ਕਣਕ ਖਰੀਦਣਾ ਮਹਿੰਗਾ ਹੋ ਗਿਆ ਹੈ।ਸੋਹਾਣਾ ਨੇ ਕਿਹਾ ਕਿ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਹੀ ਕਿਸਾਨ ਸਨ ਜਿਨਾਂ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਦੇ ਅਨਾਜ ਦੇ ਗੁਦਾਮ ਭਰੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦਾ ਵਤੀਰਾ ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਉਸ ਨਾਲ ਰਵਾਇਤੀ ਫਸਲਾਂ ਦੋ ਕਿਸਾਨ ਦੂਰ ਹੋ ਰਹੇ ਹਨ ਕਿਉਂਕਿ ਉਹਨਾਂ ਨੂੰ ਆਪਣੀਆਂ ਫਸਲਾਂ ਦਾ ਮੁੱਲ ਵੀ ਨਹੀਂ ਮਿਲਦਾ। ਉਹਨਾਂ ਕਿਹਾ ਕਿ ਇਸ ਦੇ ਹੱਲ ਲਈ ਕਣਕ ਦਾ ਬਫਰ ਸਟਾਕ ਬਣਾਉਣਾ ਜਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਇਸੇ ਤਰ੍ਹਾਂ ਕਿਸਾਨਾਂ ਨੂੰ ਬੀਜ, ਖਾਦ ਅਤੇ ਸਿੰਚਾਈ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਫੌਰੀ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਇਹ ਸਮੱਸਿਆ ਪੰਜਾਬ ਦੀ ਅਰਥਵਿਵਸਥਾ ਅਤੇ ਆਮ ਲੋਕਾਂ ਦੀ ਜ਼ਿੰਦਗੀ 'ਤੇ ਗੰਭੀਰ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਰਕਾਰ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਪੰਜਾਬ ਸਰਕਾਰ ਦੀ ਵੀ ਨਿਖੇਦੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਪੂਰੀ ਤਰ੍ਹਾਂ ਮੁੱਕਰ ਗਈ ਹੈ ਤੇ ਬੋਨਸ ਤੱਕ ਵੀ ਦੇ ਕੇ ਰਾਜ਼ੀ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਤੇ ਮਸਲੇ ਤੇ ਰਾਜਨੀਤੀ ਛੱਡ ਕੇ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ