ਚੰਡੀਗੜ੍ਹ, 14 ਅਕਤੂਬਰ (ਹਿੰ. ਸ.)। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ।ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ੍ਰਬੰਧਾਂ ਨੂੰ ਸੁਨਿਸ਼ਚਿਤ ਕਰਨ।ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕੰਪਨੀ ਨੂੰ ਪ੍ਰੋਜੈਕਟ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਵਿਭਾਗੀ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ