ਬਟਾਲਾ, 21 ਅਕਤੂਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿਤ ਵਿੱਚ ਵੱਡੇ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਗਿਆ।
ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਨਿਰਵਿਘਨ ਮੁਹੱਈਆ ਕਰਵਾਈ ਗਈ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਕੂਲ ਆਫ ਐੱਮੀਨੈੱਸ ਰਾਹੀਂ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਚੌਁਕਾਂ ਨੂੰ ਖੁੱਲਾ ਕੀਤਾ ਗਿਆ ਹੈ। ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਥੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਮੁਹੱਈਆ ਹੋਣਗੀਆਂ। ਸਿੱਖਿਆ ਕਰਾਂਤੀ ਤਹਿਤ ਸਕੂਲਾਂ ਅੰਦਰ ਵਿਕਾਸ ਕਾਰਜ ਕਰਵਾਏ ਗਏ ਹਨ। ਸ਼ਹਿਰ ਵਿਚਲੀਆਂ ਸੜਕਾਂ ਤੇ ਸਟਰੀਟ ਲਾਈਟਸ ਲਗਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਪਿੰਡਾਂ ਵਿਚਲੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ। ਪਾਰਕਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀ ਪਿੰਡਾਂ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ