
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਕਤੂਬਰ (ਹਿੰ. ਸ.)। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਵੱਲੋਂ ਹਲਕਾ ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲੇ ਕਰਮਚਾਰੀ ਰਾਜ ਬੀਮਾ ਨਿਗਮ (ESIC) ਦੇ ਆਧੁਨਿਕ ਹਸਪਤਾਲ ਦੀ ਸਥਾਪਨਾ ਲਈ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਸਿਹਤ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ, ਜਿਸ ਨਾਲ ਹਲਕਾ ਡੇਰਾਬੱਸੀ ਹੀ ਨਹੀਂ ਸਗੋਂ ਪੂਰੇ ਇਲਾਕੇ ਦੇ ਹਜ਼ਾਰਾਂ ਮਜ਼ਦੂਰਾਂ ਅਤੇ ਆਮ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ।
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਹਸਪਤਾਲ ਕੇਂਦਰ ਸਰਕਾਰ ਵੱਲੋਂ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਸ ਲਈ 4 ਏਕੜ ਜ਼ਮੀਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਿਹਤ ਖੇਤਰ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਡੇਰਾਬੱਸੀ ਖੇਤਰ ਵਿੱਚ ਸਿਹਤ ਸਹੂਲਤਾਂ ਦਾ ਵਿਸਥਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਡੇਰਾਬੱਸੀ ਇੱਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਉਦਯੋਗਿਕ ਖੇਤਰ ਹੈ, ਜਿੱਥੇ ਹਜ਼ਾਰਾਂ ਕਾਮੇ ਆਪਣੀ ਰੋਜ਼ੀ ਕਮਾਉਂਦੇ ਹਨ। ਇੱਥੇ ਈ.ਐੱਸ.ਆਈ. ਹਸਪਤਾਲ ਦੀ ਸਥਾਪਨਾ ਨਾਲ ਮਜ਼ਦੂਰ ਵਰਗ ਨੂੰ ਸਸਤੇ ਅਤੇ ਉੱਚ ਪੱਧਰੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।
ਰੰਧਾਵਾ ਨੇ ਕਿਹਾ ਕਿ ਇਹ ਹਸਪਤਾਲ ਮਾਂ-ਬਾਲ (ਜੱਚਾ ਬੱਚਾ) ਸਿਹਤ, ਐਮਰਜੈਂਸੀ, ਡਾਇਗਨੋਸਟਿਕ ਅਤੇ ਮਾਹਿਰਾਂ ਦੀਆਂ ਓ.ਪੀ.ਡੀ. ਸੇਵਾਵਾਂ ਨਾਲ ਲੈਸ ਹੋਵੇਗਾ, ਜੋ ਕਿ ਇਸ ਖੇਤਰ ਨੂੰ ਇੱਕ ਆਦਰਸ਼ ਸਿਹਤ ਕੇਂਦਰ ਵਜੋਂ ਉਭਾਰੇਗਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹਰ ਹਲਕੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੀ ਜ਼ਿੰਦਗੀ ਸੁਧਾਰਨਾ ਹੈ। ਵਿਧਾਇਕ ਨੇ ਕਿਹਾ ਕਿ ਉਹ ਡੇਰਾਬੱਸੀ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਲੋੜਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਮੇਸ਼ਾਂ ਵਚਨਬੱਧ ਹਨ।
ਅੰਤ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੜ ਧੰਨਵਾਦ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੇਰਾਬੱਸੀ ਖੇਤਰ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਸਿਹਤ ਸਹੂਲਤਾਂ ਦੀ ਮੰਗ ਨੂੰ ਪੂਰਾ ਕਰਕੇ ਖੇਤਰ ਦੇ ਲੋਕਾਂ ਨੂੰ ਇਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ