
ਨਾਭਾ, 31 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਾਭਾ ਨੇੜਲੇ ਪਿੰਡਾਂ ਘਨੁੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜਿਆਦਾ ਅੱਗੇ ਆ ਕੇ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ ਹੈ।
ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਬਿਨ੍ਹਾਂ ਅੱਗ ਲਾਏ ਖੇਤਾਂ ਵਿੱਚ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫ਼ੀ ਘਟੇ ਹਨ ਪਰੰਤੂ ਅਜੇ ਹੋਰ ਵੀ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਅਸੀਂ ਪਟਿਆਲਾ ਜ਼ਿਲ੍ਹੇ ਨੂੰ ਬਿਲਕੁਲ ਪਰਾਲੀ ਨੂੰ ਅੱਗ ਲਾਉਣ ਤੋਂ ਮੁਕਤ ਕਰ ਸਕੀਏ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤਾਂ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਤੇ ਜੀਰੋ ਟਿਲ ਮਸ਼ੀਨਾਂ ਨਾਲ ਇਨਸੀਟੂ ਪ੍ਰਕ੍ਰਿਆ ਅਪਣਾ ਕੇ ਪਰਾਲੀ ਜਮੀਨ 'ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ, ਜਿਸ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੇਲਰ ਮਾਲਕਾਂ ਤੇ ਕਿਸਾਨਾਂ ਅਮਰਿਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਟਿਲ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ