ਲੁਧਿਆਣਾ, 9 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਿਨ੍ਹਾਂ ਕਿਸੇ ਪਾਵਰ ਕੱਟ ਤੋਂ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕਰੀਬ 92 ਲੱਖ ਰੁਪਏ ਦੀ ਲਾਗਤ ਦੇ ਨਾਲ ਤਿਆਰ ਹੋਏ 2 ਨਵੇਂ ਫੀਡਰਾਂ ਦਾ ਉਦਘਾਟਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸਮੂਹ ਕੌਂਸਲਰ ਸਹਿਬਾਨ ਤੇ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਦੀ ਬਿਜਲੀ ਸਪਲਾਈ ਦੀ ਬਿਹਤਰੀ ਲਈ 66 ਕੇ.ਵੀ. ਜੀ.ਟੀ. ਰੋਡ ਗਰਿਡ ਤੋਂ ਦੋ ਨਵੀਆਂ ਲਾਈਨਾਂ, 11 ਕੇ.ਵੀ. ਸਲੇਮ ਟਾਬਰੀ ਅਤੇ 11 ਕੇ.ਵੀ. ਪ੍ਰੀਤਮ ਨਗਰ ਫੀਡਰ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੀਡਰਾਂ ਦੇ ਚਾਲੂ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਬਿਜਲੀ ਨੂੰ ਲੈ ਕੇ ਵੱਡੀ ਸਮੱਸਿਆ ਦੂਰ ਹੋ ਜਾਵੇਗੀ।ਵਿਧਾਇਕ ਬੱਗਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਉੱਤਰੀ ਵਿਖੇ ਬਿਜਲੀ ਨੈਟਵਰਕਿੰਗ ਦੀ ਨੁਹਾਰ ਬਦਲੀ ਜਾਵੇਗੀ ਜਿਸ ਵਿੱਚ ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾਵੇਗਾ, ਨਵੇਂ ਟਰਾਂਸਫਰਮਰ ਲਗਾਏ ਜਾਣਗੇ, ਓਵਰਲੋਡ ਟਰਾਂਸਫਾਰਮਰਾਂ ਨੂੰ ਅੰਡਰਲੋਡ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਲਟਕਦੀਆਂ ਤਾਰਾਂ ਦਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਉਹ ਖੁਦ ਇਹਨਾਂ ਕੰਮਾਂ ਦੀ ਅਗਵਾਈ ਕਰਨਗੇ ਅਤੇ ਆਉਣ ਵਾਲੇ ਗਰਮੀਆਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰੋਜੈਕਟ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ