ਮੁੱਖ ਸਕੱਤਰ ਵਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਹਿੰ. ਸ.)। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ
ਮੁੱਖ ਸਕੱਤਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।


ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਹਿੰ. ਸ.)। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ।

ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ, ਜਦਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਗਾਈਡਡ ਟੂਰ ਅਤੇ ਵਿਰਾਸਤੀ ਸੈਰਾਂ ਦਾ ਵਿਸੇਸ਼ ਆਯੋਜਨ ਵੀ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੁੜੀ ਇਤਿਹਾਸਕ ਥਾਵਾਂ ਦੀ ਜਾਣਕਾਰੀ ਮਿਲ ਸਕੇ। ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ ਤੱਕ ਹੋਣ ਵਾਲੇ ਸੀਸ਼ ਭੇਂਟ ਨਗਰ ਕੀਰਤਨ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਵਿਧਾਇਕ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਸੰਗਤਾਂ ਲਈ ਬਣ ਰਹੀ ਟੈਂਟ ਸਿਟੀ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਗੁਰੂ ਨਗਰੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਇਤਿਹਾਸਕ ਤੇ ਯਾਦਗਾਰ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਸ਼ਰਧਾਲੂ ਨੂੰ ਸਹੂਲਤ, ਸੁਰੱਖਿਆ ਅਤੇ ਆਤਮਕ ਅਨੁਭਵ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਾਂ ਰਹਿਣ ਦਿੱਤੀ ਜਾਵੇ। ਅੱਜ ਵਿਰਾਸਤ ਏ ਖਾਲਸਾ ਦੇ ਮੀਟਿੰਗ ਹਾਲ ਵਿਚ ਹੋਈ ਵਿਸੇਸ਼ ਬੈਠਕ ਦੌਰਾਨ ਅਭਿਨਵ ਤਰਿਖਾ ਸਕੱਤਰ ਸੈਰ ਸਪਾਟਾ ਨੇ ਮੁੱਖ ਸਕੱਤਰ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਨੋਵੇ ਪਾਤਸ਼ਾਹ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਕੀਤੀਆ ਜਾ ਰਹੀਆਂ ਤਿਆਰੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ, ਇਸ ਬਾਰੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਪਿਛਲੇ ਤਿੰਨ ਮਹੀਨੇ ਤੋ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande