
ਤਰਨਤਾਰਨ, 16 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 17 ਨਵੰਬਰ ਸ਼ਾਮ 5:30 ਤੋਂ 8:30 ਵਜੇ ਤੱਕ ਪੁਲਿਸ ਲਾਈਨ ਗਰਾਊਂਡ, ਤਰਨ ਤਾਰਨ ਵਿਖੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਆਈ.ਏ.ਐੱਸ. ਦੱਸਿਆ ਕਿ ਲਾਈਟ ਐਂਡ ਸਾਊਂਡ ਪ੍ਰੋਗਰਾਮ ਸ਼ਾਮ 5:30 ਵਜੇ ਸ਼ੁਰੂ ਹੋਵੇਗਾ। ਉਹਨਾਂ ਦੱਸਿਆ ਕਿ 5:30 ਤੋਂ 6:30 ਦਰਮਿਆਨ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤਾ ਜਾਵੇਗਾ ਅਤੇ ਉਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਸ਼ਹਾਦਤ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ 6:30 ਵਜੇ ਸ਼ੁਰੂ ਹੋਵੇਗਾ। ਉਹਨਾਂ ਕਿਹਾ ਕਿ ਆਵਾਜ਼ ਅਤੇ ਰੋਸ਼ਨੀਆਂ ਦੇ ਸੁਮੇਲ ਨਾਲ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੀਆਂ ਪਰਮੁੱਖ ਘਟਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਵੱਧ-ਚੜ ਕੇ ਸ਼ਾਮਲ ਹੋਣ।
------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ