
ਬਟਾਲਾ, 16 ਨਵੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਖੋਲੇ ਗਏ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ ਅਤੇ ਸਰਕਾਰ ਵਲੋਂ ਘਰਾਂ ਤੱਕ ਪੁਜਦਾ ਕੀਤੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਖੰਡਾ ਖੋਲਾ ਮੁਹੱਲਾ ਵਿਖ਼ੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਹੋਰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਮੁਹੱਲਾ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁਹੱਲਾ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਮੁਹੱਲਾ ਕਲੀਨਿਕ ਆਪਣੀ ਕਾਰੁਜਗਾਰੀ ਤੇ ਖਰ੍ਹੇ ਉਤਰ ਰਹੇ ਹਨ ਅਤੇ ਇਥੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ ਕਰੀਬ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਇਤਿਹਾਸਕ ਲੋਕਪੱਖੀ ਫੈਸਲੇ ਲਏ ਹਨ, ਜਿਸ ਸਦਕਾ ਤਰਨਤਾਰਨ ਜਿਮਨੀ ਚੋਣ ਵਿੱਚ ਪਾਰਟੀ ਨੂੰ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ। ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦੀ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 1.75 ਕਰੋੜ ਲੋਕਾਂ ਨੂੰ ਮੁਫਤ ਦਵਾਈ ਪ੍ਰਦਾਨ ਕੀਤੀ ਹੈ। ਸੂਬਾ ਸਰਕਾਰ ਨੇ 55,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਲੋਕਪੱਖੀ ਫੈਸਲੇ ਲਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਮੁੱਖ ਮੰਤਰੀ ਪੰਜਾਬ ਵਲੋਂ ਬਟਾਲਾ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ