
ਤਰਨ ਤਾਰਨ, 26 ਨਵੰਬਰ (ਹਿੰ. ਸ.)। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਅੰਗ ਦਾਨ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਤਰਨ ਤਾਰਨ, ਡਾਕਟਰ ਗੁਰਪ੍ਰੀਤ ਸਿੰਘ ਰਾਏ, ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਨਰਸਿੰਗ ਤੇ ਵਿਦਿਆਰਥੀਆਂ ਵੱਲੋਂ ਅੰਗਦਾਨ ਬਾਰੇ ਸੌਂਹ ਚੁੱਕੀ ਗਈ।
ਇਸ ਮੌਕੇ ਅੰਗ ਦਾਨ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅੰਗ ਦਾਨ ਦੀ ਮਹੱਤਤਾ ਬਾਰੇ ਨਿਰੰਤਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਹੀ ਸਿਹਤ ਸੰਸਥਾਵਾਂ ਵੱਲੋਂ ਅੰਗਦਾਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਅੰਗਦਾਨ ਜਾਗਰੂਕਤਾ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਆਪਣੇ ਆਪਣੇ ਖੇਤਰਾਂ ਦੇ ਵਿੱਚ ਅੰਗ ਦਾਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਉਹਨਾਂ ਵੱਲੋਂ ਨਾਗਰਿਕਾਂ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਅਹਿਮ ਜਾਣਕਾਰੀ ਨਾਗਰਿਕਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਕੀਤੇ ਗਏ ਅੰਗ ਦਾਨ ਰਾਹੀਂ ਅਸੀਂ ਕਈ ਕੀਮਤੀ ਜਨਾਂ ਨੂੰ ਬਚਾ ਸਕਦੇ ਹਾਂ। ਉਹਨਾਂ ਦੱਸਿਆ ਕਿ ਅੰਗ ਦਾਨ ਜਾਗਰੂਕਤਾ ਮੁਹਿੰਮ ਰਾਹੀਂ ਉਹਨਾਂ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਅੰਗਦਾਨ ਪ੍ਰਤੀ ਉਤਸਾਹਿਤ ਕਰਨਾ ਰਹੇਗਾ ਤਾਂ ਜੋ ਇਸ ਦੀ ਮਹੱਤਤਾ ਨੂੰ ਸਮਝਦਿਆਂ ਹੋਇਆ ਵੱਡੀ ਗਿਣਤੀ ਦੇ ਵਿੱਚ ਆਪਣੇ ਸਰੀਰ ਨੂੰ ਦਾਨ ਕਰਨ ਲਈ ਅੱਗੇ ਆਉਣ ਤਾਂ ਜੋ ਮੌਤ ਉਪਰੰਤ ਉਹਨਾਂ ਦੇ ਸਰੀਰ ਵੱਲੋਂ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਤੰਦਰੁਸਤ ਵਿਅਕਤੀ ਵੱਲੋਂ ਕੀਤੇ ਗਏ ਅੰਗ ਦਾਨ ਰਾਹੀਂ ਮਾਹਿਰਾਂ ਵੱਲੋਂ ਉਸਦੇ ਦਿਲ, ਫੇਫੜੇ, ਗੁਰਦੇ, ਅੱਖਾਂ ਅਤੇ ਜਿਗਰ ਤੋਂ ਇਲਾਵਾ ਹੋਰ ਕਈ ਸਰੀਰਕ ਅੰਗਾਂ ਨੂੰ ਵਰਤੋਂ ਵਿੱਚ ਲਿਆ ਕੇ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਅੰਗ ਦਾਨ ਪ੍ਰਤੀ ਕਿਸੇ ਵੀ ਤਰ੍ਹਾਂ ਦੇ ਵਹਿਮ ਭਰਮ ਤੋਂ ਬਚਣ ਦੀ ਲੋੜ ਹੈ ਅਤੇ ਇਸ ਪੁੰਨ ਦੇ ਕਾਰਜ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ