
ਤਰਨਤਾਰਨ, 7 ਨਵੰਬਰ (ਹਿੰ. ਸ.)। ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਵਿਚ ਆਏ ਬਦਲਾਅ ਕਾਰਨ ਹਵਾ ਦੀ ਗੁਣਵੱਤਾ ਉੱਤੇ ਪੈ ਰਹੇ ਪ੍ਰਭਾਵ ਕਾਰਨ ਹਵਾ ਪ੍ਰਦੂਸ਼ਣ ਦੇ ਵਧਣ ਦਾ ਖਦਸ਼ਾ ਬਣ ਜਾਂਦਾ ਹੈ। ਵਾਤਾਵਰਨ ਵਿੱਚ ਬਣੀਆਂ ਅਜਿਹੀਆਂ ਪਰਸਥਿਤੀਆਂ ਕਾਰਨ ਸਾਹ, ਦਮਾ, ਨਜ਼ਲਾ, ਜੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵਧਣੇ ਸ਼ੁਰੂ ਹੋ ਜਾਂਦੇ ਹਨ। ਸਿਹਤ ਵਿਭਾਗ ਦੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਗਈ।
ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ਉੱਪਰ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ। ਉਹਨਾਂ ਦੱਸਿਆ ਕਿ ਵਿਸ਼ੇਸ਼ ਤੌਰ ਤੇ ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਲੰਮੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਝੱਲ ਰਹੇ ਪੀੜਤ ਮਰੀਜ਼ਾਂ ਲਈ ਹਵਾ ਪ੍ਰਦੂਸ਼ਨ ਕਾਫੀ ਹਾਨੀਕਾਰਕ ਬਣ ਜਾਂਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਖਰਾਬ ਮੌਸਮ ਤੇ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਵਿਅਕਤੀ ਨੂੰ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੂੰ ਸਾਹ ਦੀ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਹੈ ਤਾਂ ਉਸਨੂੰ ਤੇਜ ਦੌੜਨ ਜਾਂ ਫਿਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਧੇ ਹਵਾ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਸਾਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਨੂੰ ਵੀ ਬੇਲੋੜੇ ਨਹੀਂ ਖੋਲ੍ਹਣਾ ਚਾਹੀਦਾ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਿਲ, ਖੰਘ, ਛਾਤੀ `ਚ ਬੇਅਰਾਮੀ ਜਾਂ ਦਰਦ, ਚੱਕਰ ਆਉਣੇ, ਅੱਖਾਂ ਚ ਜਲਨ ਜਾਂ ਲਾਲਗੀ ਆਵੇ ਤਾਂ ਅਜਿਹੇ ਹਾਲਾਤਾਂ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਮਾਹਿਰ ਡਾਕਟਰਾਂ ਪਾਸੋਂ ਆਪਣਾ ਮੁਆਇਨਾ ਕਰਵਾਉਣਾ ਚਾਹੀਦਾ ਹੈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਤੋਂ ਬਚਣ ਲਈ ਸਾਨੂੰ ਆਪਣੀ ਖੁਰਾਕ ਦਾ ਬਹੁਤ ਚੰਗੀ ਤਰ੍ਹਾਂ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਨੂੰ ਮੌਸਮੀ ਸਬਜ਼ੀਆਂ ਅਤੇ ਫਲਾਂ ਦਾ ਪ੍ਰਯੋਗ ਕਰਨ ਦੇ ਨਾਲ-ਨਾਲ ਲੋੜੀਂਦਾ ਪਾਣੀ ਪੀਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਤੰਬਾਕੂ ਨੋਸ਼ੀ ਜਾਂ ਫਿਰ ਹੋਰ ਸੰਬੰਧਿਤ ਤੰਬਾਕੂ ਉਤਪਾਦਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਦੇ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਪ੍ਰਤੀ ਜ਼ਿੰਮੇਵਾਰ ਬਣਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਵੀ ਮੌਜੂਦ ਸਨ।
---------------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ