

ਚੰਡੀਗੜ੍ਹ, 7 ਨਵੰਬਰ (ਹਿੰ. ਸ.)। ਮਹਿਲਾ ਕ੍ਰਿਕਟ ਵਰਲਡ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਪੰਜਾਬ ਦੀਆਂ ਦੋ ਖਿਡਾਰਨਾ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਸ਼ੁਕਰਵਾਰ ਨੂੰ ਮੋਹਾਲੀ ਵਿਚਲੇ ਕੌਮਾਂਤਰੀ ਏਅਰਪੋਰਟ ਵਿਖੇ ਪਹੁੰਚੀਆਂ ਜਿੱਥੋਂ ਇਲਾਕਾ ਨਿਵਾਸੀਆਂ ਅਤੇ ਹੋਰ ਰਾਜਸੀ ਆਗੂਆਂ ਵੱਲੋਂ ਇਹਨਾਂ ਖਿਡਾਰਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਮੋਹਾਲੀ ਹਵਾਈ ਅੱਡੇ 'ਤੇ ਸਵਾਗਤ ਕੀਤਾ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਖਿਡਾਰਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਨੇ ਆਪਣੀ ਖੇਡ ਜਰੀਏ ਪੰਜਾਬ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਖਿਡਾਰਨਾ ਹੋਰਨਾ ਲੜਕੀਆਂ ਲਈ ਪ੍ਰੇਰਨਾ ਸਰੋਤ ਹਨ ਜਿਨਾਂ ਨੇ ਪੰਜਾਬ ਦਾ ਨਾਮ ਦੁਨੀਆਂ ਭਰ ਵਿੱਚ ਚਮਕਾਇਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ