ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕਾਰਜਾਂ ਦਾ ਅਚਨਚੇਤ ਨਿਰੀਖਣ
ਫਤਹਿਗੜ੍ਹ ਸਾਹਿਬ, 9 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਤਕਨੀਕੀ ਮਾਹਿਰਾਂ ਸਮੇਤ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਪੇਂਡੂ ਲਿੰਕ ਸੜਕਾਂ ''ਤੇ ਚੱਲ ਰਹੇ ਸਪੈਸ਼ਲ ਰਿਪੇਅਰ ਦੇ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ ਆਦਿ ਦੀਆਂ ਵੱਖ ਵੱਖ ਪੇਂ
ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਪੇਂਡੂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕਾਰਜਾਂ ਦਾ ਨਿਰੀਖਣ ਕਰਨ ਮੌਕੇ।


ਫਤਹਿਗੜ੍ਹ ਸਾਹਿਬ, 9 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਤਕਨੀਕੀ ਮਾਹਿਰਾਂ ਸਮੇਤ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਪੇਂਡੂ ਲਿੰਕ ਸੜਕਾਂ 'ਤੇ ਚੱਲ ਰਹੇ ਸਪੈਸ਼ਲ ਰਿਪੇਅਰ ਦੇ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ ਆਦਿ ਦੀਆਂ ਵੱਖ ਵੱਖ ਪੇਂਡੂ ਲਿੰਕ ਸੜਕਾਂ ਦੇ ਨਿਰੀਖਣ ਦੌਰਾਨ, ਡੀਸੀ ਨੇ ਵਰਤੀ ਜਾ ਰਹੀ ਨਿਰਮਾਣ ਸਮੱਗਰੀ ਦੀ ਗੁਣਵੱਤਾ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਐਕਸੀਅਨ ਲੋਕ ਨਿਰਮਾਣ ਵਿਭਾਗ ਕਰਨ ਮਿੱਤਲ ਅਤੇ ਹੋਰ ਅਧਿਕਾਰੀਆਂ ਸਮੇਤ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਹੋ ਚੁੱਕੇ ਕੰਮਾਂ ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸੜਕਾਂ ਦੇ ਨਿਰਮਾਣ ਵਿੱਚ ਮਿਆਰੀ ਸਮੱਗਰੀ ਦੀ ਵਰਤੋਂ ਕਰਨਾ ਲਾਜ਼ਮੀ ਹੈ ਤਾਂ ਜੋ ਇਹ ਸੜਕਾਂ ਲੰਬੇ ਸਮੇਂ ਤੱਕ ਚੱਲ ਸਕਣ ਅਤੇ ਲੋਕਾਂ ਨੂੰ ਨਿਰੰਤਰ ਵਧੀਆ ਸੁਵਿਧਾ ਮਿਲ ਸਕੇ। ਉਹਨਾਂ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਕੰਮਾਂ ਦੀ ਕੁਆਲਿਟੀ ਠੀਕ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਤਾਂ ਜੋ ਕੰਮ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਪ੍ਰਕਿਰਿਆ 'ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਥਾਂ 'ਤੇ ਨਿਰਮਾਣ ਕਾਰਜਾਂ ਵਿੱਚ ਕੋਈ ਲਾਪਰਵਾਹੀ ਜਾਂ ਗੁਣਵੱਤਾ ਦੀ ਕਮੀ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੜਕੀ ਨੈਟਵਰਕ ਦਾ ਮਜ਼ਬੂਤ ਅਤੇ ਟਿਕਾਊ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ ਤਾਂ ਜੋ ਲਿੰਕ ਸੜਕਾਂ ਮਿਆਰੀ, ਮਜਬੂਤ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀਆਂ ਹੋਣ।

ਡੀਸੀ ਨੇ ਕਿਹਾ ਕਿ ਲਿੰਕ ਸੜਕਾਂ ਪਿੰਡਾਂ ਦੀ ਜੀਵਨ-ਰੇਖਾ ਹਨ ਅਤੇ ਜੇਕਰ ਕਿਸੇ ਨੇ ਵੀ ਲੋਕਾਂ ਦੇ ਇਸ ਅਧਿਕਾਰ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਵਿਰੁੱਧ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਨ੍ਹਾਂ ਕੰਮਾਂ ਦੀ ਪ੍ਰਗਤੀ ਤੇ ਗੁਣਵੱਤਾ ਦਾ ਜਾਇਜ਼ਾ ਲੈਂਦੇ ਰਹਿਣਗੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੁਆਰਾ ਨਿਰਧਾਰਤ ਮਾਪਦੰਡਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸੜਕ ਬਣਾਉਣ ਲਈ ਪ੍ਰੀ-ਮਿਕਸ ਦੀ ਘਣਤਾ, ਲੋਡ ਸਹਿਣ ਦੀ ਸਮਰੱਥਾ, ਨਿਰਧਾਰਿਤ ਚੌੜਾਈ ਬਾਰੇ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਕੰਮ ਸ਼ੁਰੂ ਹੋਣ ਤੋਂ ਲੈ ਕੇ ਮੁਕੰਮਲ ਹੋਣ ਤੱਕ, ਵੱਖ-ਵੱਖ ਪੜਾਵਾਂ 'ਤੇ ਨਿਗਰਾਨੀ ਰੱਖੀ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande