
ਅੰਮ੍ਰਿਤਸਰ ਸਾਹਿਬ, 9 ਨਵੰਬਰ (ਹਿੰ. ਸ.)। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਥੇ ਨਾਲ ਗਏ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਐਤਵਾਰ ਨੂੰ ਬਾਅਦ ਦੁਪਹਿਰ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਵਾਪਸ ਭਾਰਤ ਪਰਤ ਵੀ ਆਏ ਹਨ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਵਾਲੇ ਸਬੰਧ ਹੋਣ ਲਈ ਅਰਦਾਸ ਬੇਨਤੀ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ