
ਪਟਿਆਲਾ, 9 ਨਵੰਬਰ (ਹਿੰ. ਸ.)। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ- ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਪ੍ਰੋ. (ਡਾ.) ਰਤਨ ਸਿੰਘ, ਵਾਈਸ ਚਾਂਸਲਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਅਤੁੱਲ ਯੋਗਦਾਨ ਦੀ ਪ੍ਰਤੀਕ ਹੈ। ਪ੍ਰੋ. (ਡਾ.) ਬਲਜੀਤ ਸਿੰਘ ਖਹਿਰਾ, ਰਜਿਸਟਰਾਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਅਤੇ ਬੇਮਿਸਾਲ ਘਟਨਾ ਹੈ, ਜੋ ਜ਼ੁਲਮ ਅਤੇ ਬੇਇਨਸਾਫੀ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਘਰ ਦਾ ਸਿਧਾਂਤ ਸਿਰਫ਼ ਆਪਣੇ ਲਈ ਨਹੀਂ, ਸਗੋਂ ਦੂਸਰਿਆਂ ਦੇ ਧਰਮ ਤੇ ਆਜ਼ਾਦੀ ਦੀ ਰੱਖਿਆ ਲਈ ਕੁਰਬਾਨੀ ਦੇਣਾ ਵੀ ਸਿਖਾਉਂਦਾ ਹੈ। ਪ੍ਰੋ. (ਡਾ.) ਕੰਵਲਵੀਰ ਸਿੰਘ ਢੀਂਡਸਾ, ਕੰਟਰੋਲਰ ਪ੍ਰੀਖਿਆਵਾਂ ਨੇ ਗੁਰੂ ਸਾਹਿਬ ਦੀ ਜ਼ਿੰਦਗੀ, ਉਨ੍ਹਾਂ ਦੇ ਆਦਰਸ਼ ਅਤੇ ਬਲਿਦਾਨ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ।
'ਯੂਨੀਵਰਸਿਟੀ ਦੇ ਲਰਨਰ ਸਪੋਰਟ ਸੈਂਟਰਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆ ਉਹਨਾਂ ਦਾ ਸਨਮਾਨ ਕੀਤਾ ਗਿਆ। ਪ੍ਰੋ. (ਡਾ.) ਰਤਨ ਸਿੰਘ ਵਾਈਸ-ਚਾਂਸਲਰ ਨੇ ਕਿਹਾ ਕਿ ਇਹ ਲਰਨਰ ਸਪੋਰਟ ਸੈਂਟਰ ਓਪਨ ਐਜੂਕੇਸ਼ਨ ਦੇ ਪ੍ਰਸਾਰ ਲਈ ਸ਼ਲਾਘਾਯੋਗ ਯਤਨ ਕਰ ਰਹੇ ਹਨ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ