
ਸੰਗਰੂਰ, 23 ਦਸੰਬਰ (ਹਿੰ. ਸ.)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ“ਯੂਥ ਅਗੇਂਸਟ ਡਰੱਗਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਮਕਸਦ ਨੌਜਵਾਨਾਂ, ਬੱਚਿਆਂ, ਮਾਤਾਵਾਂ ਦੇ ਨਾਲ-ਨਾਲ ਸਕੂਲੀ ਆਂਗਣਵਾੜੀ ਬੱਚਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣਾ ਸੀ। ਵਕਤਾਵਾਂ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਸਦੇ ਭਵਿੱਖ, ਪਰਿਵਾਰਕ ਤਾਣੇ ਬਾਣੇ ਅਤੇ ਸਮਾਜਿਕ ਢਾਂਚੇ ਨੂੰ ਵੀ ਗੰਭੀਰ ਪ੍ਰਭਾਵਿਤ ਕਰਦੀ ਹੈ।
ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਨਾਲ ਸੰਬੰਧਿਤ ਕਾਨੂੰਨੀ ਸਹੂਲਤਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਸਖ਼ਤ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਨਾਲ ਹੀ ਨਸ਼ਾ-ਪੀੜਤ ਵਿਅਕਤੀਆਂ ਲਈ ਉਪਲੱਬਧ ਮੁਫ਼ਤ ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਬਾਰੇ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਨੂੰ ਖੇਡਾਂ, ਯੋਗਾ, ਸਿੱਖਿਆ ਅਤੇ ਹੋਰ ਸਕਾਰਾਤਮਕ ਸਰਗਰਮੀਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤ ਸਕਣ। ਇਸ ਉਪਰਾਲੇ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ, ਜਿਨ੍ਹਾਂ ਨੇ ਪਿੰਡ ਪੱਧਰ ‘ਤੇ ਲੋਕਾਂ ਨੂੰ ਸੈਮੀਨਾਰ ਨਾਲ ਜੋੜਿਆ। ਸੈਮੀਨਾਰ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਵੱਲੋਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝਾ ਸੰਕਲਪ ਲਿਆ ਗਿਆ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਨਿਰੰਤਰ ਜਾਰੀ ਰੱਖਣ ਦੀ ਅਪੀਲ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ