ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯੁੱਗਾਂ ਤੱਕ ਮਨੁੱਖਤਾ ਨੂੰ ਰਾਹ ਦਿਖਾਉਂਦੀ ਰਹੇਗੀ - ਨਾਇਬ ਸਿੰਘ ਸੈਣੀ
ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ਼ਹੀਦੀ ਜੋੜ ਮੇਲੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਸਮੇਂ।


ਚੰਡੀਗੜ੍ਹ , 25 ਦਸੰਬਰ (ਹਿੰ.ਸ.)। ਸ਼ਹੀਦੀ ਜੋੜ ਮੇਲੇ ਦੇ ਪਾਵਨ ਅਵਸਰ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਦੇ ਜੱਥੇ ਨਾਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਦੋਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ, ਜੋ ਸੱਚ, ਧਰਮ ਅਤੇ ਇਨਸਾਫ਼ ਲਈ ਅਡਿੱਗ ਰਹਿਣ ਦੀ ਸਦੀਵੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦੇਸ਼ ਦੀ ਆਤਮਿਕ ਅਤੇ ਨੈਤਿਕ ਤਾਕਤ ਦਾ ਮੂਲ ਹਨ।

ਪੰਜਾਬ ਭਾਜਪਾ ਦੇ ਕਾਰਜ਼ਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼ਹੀਦੀ ਜੋੜ ਮੇਲਾ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ ਨੂੰ ਯਾਦ ਕਰਨ ਦਾ ਪਾਵਨ ਮੌਕਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਹਰ ਪੀੜ੍ਹੀ ਨੂੰ ਜੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਦਾ ਸੰਦੇਸ਼ ਦਿੰਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande