
ਮਾਲੇਰਕੋਟਲਾ, 26 ਦਸੰਬਰ (ਹਿੰ. ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਅਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ ਗਈ। ਸੁਪਰਵਾਈਜ਼ਰਾਂ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਸੁਚੇਤ ਕਰਨਾ ਅਤੇ ਭਵਿੱਖ ਦੀ ਪੀੜ੍ਹੀ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਇਸ ਮੌਕੇ ਮਾਪਿਆਂ ਨੂੰ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਉਣ, ਉਨ੍ਹਾਂ ਦੀ ਦਿਨਚਰਿਆ 'ਤੇ ਨਿਗਰਾਨੀ ਰੱਖਣ ਅਤੇ ਨਸ਼ੇ ਦੀ ਕਿਸੇ ਵੀ ਸ਼ੁਰੂਆਤੀ ਨਿਸ਼ਾਨੀ ਨੂੰ ਸਮੇਂ ਸਿਰ ਪਛਾਣਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਸਾਰੇ ਹਾਜ਼ਰੀਨਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ