
ਮੁਹਾਲੀ, 29 ਦਸੰਬਰ (ਹਿੰ. ਸ.)। ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਬਲੌਂਗੀ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਮੱਖਣ ਸਿੰਘ ਸਮੇਤ ਕਈ ਸਰਗਰਮ ਆਗੂ ਡਾ. ਹਰਬੰਸ ਸਿੰਘ ਰੰਧਾਵਾ, ਕ੍ਰਿਸ਼ਨ ਕੁਮਾਰ, ਰਾਮ ਕਰਨ, ਸੁਭਾਸ਼ ਚੰਦ ਅਤੇ ਅਮਰਜੀਤ ਕੌਰ ਜੀ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਰਾਜਨੀਤਕ ਸ਼ਮੂਲੀਅਤ ਨੂੰ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਅਤੇ ਕਾਂਗਰਸ ਪਾਰਟੀ ਲਈ ਜ਼ਮੀਨੀ ਪੱਧਰ ’ਤੇ ਵਧਦੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਦੀ ਲੋਕਾਂ ਵਿੱਚ ਮਜ਼ਬੂਤ ਪਕੜ ਕਾਰਨ ਇਹ ਸ਼ਮੂਲੀਅਤ ਖਾਸ ਅਹਿਮੀਅਤ ਰੱਖਦੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨਾਕਾਮ ਨੀਤੀਆਂ ਅਤੇ ਲੋਕ ਵਿਰੋਧੀ ਫ਼ੈਸਲਿਆਂ ਤੋਂ ਤੰਗ ਆ ਕੇ ਅੱਜ ਕਈ ਇਮਾਨਦਾਰ ਆਗੂ ਕਾਂਗਰਸ ਨਾਲ ਜੁੜ ਰਹੇ ਹਨ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਵੀ ਇਸ ਮੌਕੇ ਕਾਂਗਰਸ ਪਾਰਟੀ ਦੀ ਨੀਤੀ, ਨੇਤ੍ਰਿਤਵ ਅਤੇ ਲੋਕ-ਹਿਤੈਸ਼ੀ ਸੋਚ ’ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਮੋਹਾਲੀ ਅਤੇ ਪੰਜਾਬ ਵਿੱਚ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਝੂਠੇ ਦਾਅਵਿਆਂ ਅਤੇ ਪ੍ਰਚਾਰ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਠੱਪ ਪਏ ਹਨ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਕਾਂਗਰਸ ਪਾਰਟੀ ਹੀ ਇੱਕ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਵਿੱਚ ਪਿਛਲੇ ਸਮੇਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਲਈ ਮੀਲ ਪੱਥਰ ਸਾਬਤ ਹੋ ਰਹੇ ਹਨ, ਪਰ ਮੌਜੂਦਾ ਸਰਕਾਰ ਉਹਨਾਂ ਯੋਜਨਾਵਾਂ ਨੂੰ ਅੱਗੇ ਵਧਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮੋਹਾਲੀ ਨੂੰ ਵਿਕਾਸ ਦੇ ਰਾਹ ’ਤੇ ਦੁਬਾਰਾ ਅੱਗੇ ਲਿਜਾਣ ਲਈ ਠੋਸ ਰਣਨੀਤੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਹੋ ਰਹੀਆਂ ਇਹ ਸ਼ਮੂਲੀਅਤਾਂ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਦਾ ਭਰੋਸਾ ਮੁੜ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ।
ਬਲਬੀਰ ਸਿੰਘ ਸਿੱਧੂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਰਾਜਨੀਤੀ ਨਹੀਂ ਕਰਦੀ, ਸਗੋਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਵਾਸਤਵਿਕ ਬਦਲਾਅ ਲਿਆਉਣ ਲਈ ਕੰਮ ਕਰਦੀ ਹੈ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਨੂੰ ਮੋਹਾਲੀ ਹਲਕੇ ਵਿੱਚ ਨਾ ਕੇਵਲ ਸਿਆਸੀ ਮਜ਼ਬੂਤੀ ਮਿਲੇਗੀ, ਸਗੋਂ ਇਹ ਲੋਕਾਂ ਦੇ ਹੱਕਾਂ ਅਤੇ ਭਲਾਈ ਦੇ ਲਈ ਹੋ ਰਹੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਿਆਸਤ ਦਾ ਸਭ ਤੋਂ ਵੱਡਾ ਅਸਲ ਮਾਪਦੰਡ ਹੈ ਅਤੇ ਕਾਂਗਰਸ ਇਸ ਭਰੋਸੇ ਨੂੰ ਨਿਰੰਤਰ ਕਾਇਮ ਰੱਖੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ