
ਮਾਲੇਰਕੋਟਲਾ, 30 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਕਮੇਟੀ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ, ਪੁਨਰਵਾਸ ਸੇਵਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰੀ, ਨਸ਼ੀਲੇ ਪਦਾਰਥਾਂ ਦੀ ਗੈਰਕਾਨੂੰਨੀ ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਨਹੀਂ, ਸਗੋਂ ਇਸ ਲਈ ਸਮਾਜਿਕ ਭਾਗੀਦਾਰੀ ਅਤੇ ਵਿਭਾਗੀ ਤਾਲਮੇਲ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਸਹਿ-ਵਿਦਿੱਅਕ ਗਤੀਵਿਧੀਆਂ, ਖੇਡਾਂ, ਸੱਭਿਆਚਾਰਕ ਪ੍ਰੋਗਰਾਮ ਅਤੇ ਵਿਅਕਤੀਤਵ ਨਿਰਮਾਣ ਸਬੰਧੀ ਉਪਰਾਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਮੀਟਿੰਗ ਦੌਰਾਨ ਐਸ.ਪੀ.ਸੱਤਪਾਲ ਸ਼ਰਮਾਂ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ “ਸੰਪਰਕ ਪ੍ਰੋਜੈਕਟ” ਤਹਿਤ ਆਮ ਲੋਕਾਂ ਨਾਲ ਪੁਲਿਸ ਦੀ ਸਾਂਝ ਮਜ਼ਬੂਤ ਕੀਤੀ ਜਾ ਰਹੀ ਹੈ, ਤਾਂ ਜੋ ਸਮਾਜ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ 28 ਦਸੰਬਰ ਤੱਕ ਐਨ.ਡੀ.ਪੀ.ਐਸ. ਦੇ 69 ਮਾਮਲੇ ਦਰਜ ਕੀਤੇ ਗਏ ਹਨ ਅਤੇ 85 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 211 ਗ੍ਰਾਮ ਹੈਰੋਇਨ, 750 ਗ੍ਰਾਮ ਅਫੀਮ,2910 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 09 ਹਜਾਰ ਰੁਪਏ ਬਤੌਰ ਡਰੱਗ ਮਨੀ ਜਬਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਸਾਲ ਹੁਣ ਤੱਕ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣ ਉਪਰੰਤ ਨਸ਼ਾ ਤਸਕਰਾਂ ਤੇ ਕਾਰਵਾਈ ਕਰਦਿਆਂ ਕਰੀਬ 10,571,696 ਰੁਪਏ ਦੀਆਂ 06 ਪ੍ਰਾਪਰਟੀਆਂ ਅਟੈਚ ਕੀਤੀਆਂ ਗਈਆਂ ਹਨ । ਹੁਣ ਤੱਕ 219 ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਜਾ ਚੁੱਕਾ ਹੈ।
ਸਿਹਤ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀਆਂ ਦੁਕਾਨਾਂ ‘ਤੇ ਨਸ਼ੀਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਹਫ਼ਤੇ ਵੱਖ-ਵੱਖ ਖੇਡ ਵਿੰਗਾਂ ਅਧੀਨ ਮੁਕਾਬਲੇ ਅਤੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਰਚਨਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ, ਕਰ ਅਤੇ ਆਬਕਾਰੀ ਇੰਸਪੈਕਟਰ ਦਲਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ, ਜ਼ਿਲਾ ਖੇਡ ਅਫਸਰ ਹਰਪਿੰਦਰ ਸਿੰਘ, ਵਣ ਰੇਂਜ ਅਫ਼ਸਰ ਮਹਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ