
ਨਵਾਂਸ਼ਹਿਰ 6 ਦਸੰਬਰ (ਹਿੰ. ਸ.)। ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਇਕਬਾਲ ਸਿੰਘ, ਕਰਨੈਲ ਸਿੰਘ ਰਾਹੋਂ, ਰਾਮ ਪਾਲ, ਦੇਸ ਰਾਜ ਚੌਹਾਨ, ਪ੍ਰਿੰ. ਅਸ਼ੋਕ ਕੁਮਾਰ, ਪ੍ਰਿੰ. ਧਰਮ ਪਾਲ ਆਦਿ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਪੈਨਸ਼ਨਰਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ।
ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਰਯ ਕਾਨੂੰਨ ਰੱਦ ਕਰਕੇ ਚਾਰ ਕਿਰਤ ਕੋਡ ਲਾਗੂ ਕਰਨ, ਬਿਜਲੀ ਬਿੱਲ ਲਿਆਉਣ ਸਮੇਤ ਚੰਡੀਗੜ੍ਹ ਨੂੰ ਕੇਂਦਰ ਸਾਸ਼ਤ ਪ੍ਰਦੇਸ਼ ਬਣਾਉਣ ਲਈ 131ਵੀਂ ਸੰਵਿਧਾਨਕ ਸੋਧ ਲਿਆਉਣ ਦੀ ਸਾਜਿਸ਼ ਦੀ ਨਿਖੇਧੀ ਕੀਤੀ। ਆਗੂਆਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਮਹਾਂ ਪ੍ਰੀਨਿਰਵਾਣ ਦਿਵਸ 'ਤੇ ਦੇਸ਼ ਦਾ ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦੀ ਰਾਖੀ ਲਈ ਮੰਨੂਵਾਦ ਦਾ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ