ਨਵੀਂ ਦਿੱਲੀ, 5 ਫਰਵਰੀ (ਹਿੰ.ਸ.)। ਰਾਸ਼ਟਰੀ ਰਾਜਧਾਨੀ ਦਿੱਲੀ ’ਚ ਅੱਜ ਸਵੇਰੇ 7 ਵਜੇ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ। ਕਈ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਦਿੱਲੀ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਚੱਪੇ-ਚੱਪੇ ’ਤੇ ਜਵਾਨਾਂ ਦਾ ਪਹਿਰਾ ਹੈ।
ਇਸ ਵਾਰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਤਿਕੋਣੀ ਮੁਕਾਬਲਾ ਦਿਖਾਈ ਦੇ ਰਿਹਾ ਹੈ। 'ਆਪ' ਮੁਖੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਪਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਦੇ ਵਿਰੁੱਧ ਚੋਣ ਲੜ ਰਹੇ ਹਨ। ਕਾਲਕਾਜੀ ਤੋਂ ਮੁੱਖ ਮੰਤਰੀ ਆਤਿਸ਼ੀ, ਭਾਜਪਾ ਦੇ ਰਮੇਸ਼ ਬਿਧੂੜੀ ਅਤੇ ਕਾਂਗਰਸ ਦੀ ਅਲਕਾ ਲਾਂਬਾ ਚੋਣ ਮੈਦਾਨ ਵਿੱਚ ਹਨ। ਦਿੱਲੀ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਲਿਖਿਆ ਹੈ, ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅੱਜ ਸਾਰੀਆਂ ਸੀਟਾਂ ਲਈ ਵੋਟਿੰਗ ਹੋਵੇਗੀ। ਇੱਥੋਂ ਦੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੀ ਕੀਮਤੀ ਵੋਟ ਜ਼ਰੂਰ ਪਾਉਣ। ਇਸ ਮੌਕੇ 'ਤੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਸਾਰੇ ਨੌਜਵਾਨ ਸਾਥੀਆਂ ਨੂੰ ਮੇਰੀਆਂ ਵਿਸ਼ੇਸ਼ ਸ਼ੁਭਕਾਮਨਾਵਾਂ। ਯਾਦ ਰੱਖਣਾ ਹੈ- ਪਹਿਲਾਂ ਮਤਦਾਨ, ਫਿਰ ਜਲਪਾਨ!’’
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ