ਚੰਡੀਗੜ੍ਹ, 11 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੋ ਸੂਬੇ ਦੇ ਦੌਰੇ ’ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਮੁਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨੈਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਗੁਰੂਆਂ ਦੇ ਆਸ਼ੀਰਵਾਦ ਅਤੇ ਪ੍ਰੇਰਨਾ ਨਾਲ ਪੰਜਾਬ ਦੀ ਧਰਤੀ ਨੇ ਸ਼ਹੀਦਾਂ ਅਤੇ ਕ੍ਰਾਂਤੀਕਾਰੀਆਂ ਨੂੰ ਜਨਮ ਦਿੱਤਾ ਹੈ।
ਰਾਸ਼ਟਰਪਤੀ ਮੁਰਮੂਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੇਵਾ ਅਤੇ ਸਮਰਪਣ ਦੀਆਂ ਕਈ ਉਦਾਹਰਣਾਂ ਕਾਇਮ ਕੀਤੀਆਂ ਹਨ। ਦੁਨੀਆ ਭਰ ਦੇ ਗੁਰਦੁਆਰਿਆਂ ’ਚ ਲੰਗਰ ਬਿਨ੍ਹਾਂ ਕਿਸੇ ਭੇਦਭਾਵ ਦੇ ਸਾਰੇ ਲੋਕਾਂ ਨੂੰ ਵਰਤਾਇਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਨੇ ਲੰਗਰ ਸੇਵਾ ਪੰਜਾਬੀਆਂ ਤੋਂ ਸਿੱਖੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਸਾਡੀ ਫੌਜ ਵਿਚ ਪੰਜਾਬ ਦੇ ਬਹਾਦਰ ਜਵਾਨਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ ਅਤੇ ਪੰਜਾਬ ਦੀ ਧਰਤੀ ਨੇ ਬਹੁਤ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਜਨਮ ਦਿੱਤਾ ਹੈ, ਜਿਨ੍ਹਾਂ ਨੇ ਸਮਾਜ ਸੁਧਾਰ, ਸਿੱਖਿਆ, ਵਿਗਿਆਨ ਅਤੇ ਤਕਨਾਲੋਜੀ, ਉਦਯੋਗ, ਖੇਡਾਂ, ਰਾਜਨੀਤੀ ਅਤੇ ਸਮਾਜਸੇਵਾ ਵਰਗੇ ਕਈ ਖੇਤਰਾਂ ’ਚ ਵਿਸ਼ਵ ਪੱਧਰ ’ਤੇ ਯੋਗਦਾਨ ਪਾਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਭਾਰਤੀ ਖੇਤੀਬਾੜੀ ਦੇ ਵਿਕਾਸ ਵਿਚ ਵੀ ਮੋਹਰੀ ਯੋਗਦਾਨ ਪਾਇਆ ਹੈ ਅਤੇ 1960 ਦੇ ਦਹਾਕੇ ਤੋਂ ਜਦੋਂ ਦੇਸ਼ ’ਚ ਅਨਾਜ ਦੀ ਘਾਟ ਸੀ, ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਹਰੀ ਕ੍ਰਾਂਤੀ ਨੂੰ ਸਫਲ ਬਣਾਇਆ ਅਤੇ ਦੇਸ਼ ਨੂੰ ਭੋਜਨ ਸੁਰੱਖਿਆ ਪ੍ਰਦਾਨ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ