ਚੰਡੀਗੜ੍ਹ, 1 ਅਪ੍ਰੈਲ (ਹਿੰ. ਸ਼)। ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਰਾਹੁਲ ਗਾਂਧੀ ਖਿਲਾਫ਼ ਬੋਲਣ ਤੋਂ ਪਹਿਲਾਂ ਆਪਣੇ ਵੱਲ ਝਾਤੀ ਮਾਰ ਲੈਣੀ ਚਾਹੀਦੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਰਾਹੁਲ ਗਾਂਧੀ ਖਿਲਾਫ਼ ਕੀਤੀ ਗਈ ਟਿੱਪਣੀ ਭਗਵੰਤ ਮਾਨ ਦੀ ਘਟੀਆ ਮਾਨਸਿਕਤਾ ਅਤੇ ਸੌੜੀ ਸੋਚ ਦਾ ਪ੍ਰਗਟਾਵਾ ਹੈ, ਜਿਸ ਤੋਂ ਇਹ ਸਿੱਧ ਹੋ ਗਿਆ ਹੈ ਕਿ ਭਗਵੰਤ ਮਾਨ ਆਪਣੀਆਂ ਅਸਫ਼ਲਤਾਵਾਂ ਛੁਪਾਉਣ ਲਈ ਭਾਜਪਾ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਲੋਕ ਸਭਾ ਵਿਚ ਕਿਸਾਨਾਂ, ਦਲਿਤਾਂ, ਵਪਾਰੀਆਂ ਅਤੇ ਘੱਟ ਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਾਜਪਾ ਨਾਲ ਦੋ ਦੋ ਹੱਥ ਕਰ ਰਿਹਾ ਹੈ ਨਾ ਕਿ ਤੁਹਾਡੀ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਰਾਹੁਲ ਗਾਂਧੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਜ਼ਾਰਾਂ ਕਿਲੋਮੀਟਰ ਦੇਸ਼ ਦੀ ਪੈਦਲ ਯਾਤਰਾ ਕਰਕੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ