ਧੂਰੀ/ਸੰਗਰੂਰ, 2 ਅਪ੍ਰੈਲ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਨਿਵਾਸੀਆਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਪਿੰਡ ਮੂਲੋਵਾਲ ਤੋਂ ਸਲੇਮਪੁਰ ਤੱਕ ਨਵੀਂ ਬਣਨ ਵਾਲੀ ਸੜਕ ਉੱਤੇ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੀਤਾ। ਉਹਨਾਂ ਦੱਸਿਆ ਕਿ 3.70 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਉੱਤੇ 2.19 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੜਕ ਬਣਾਉਣ ਵਾਸਤੇ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਦਾ ਧਿਆਨ ਰੱਖਣ।ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਪਿੰਡ ਮੂਲੋਵਾਲ ਵਿਖੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਸਥਿਤ ਹੈ ਜਿੱਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਇਹਨਾਂ ਪਿੰਡਾਂ ਦੇ ਨਿਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਇੱਥੇ ਪੱਕੀ ਸੜਕ ਬਣਵਾਈ ਜਾਵੇ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਿੰਡਾਂ ਨੂੰ ਲੱਗਦਾ ਇਹ ਰਾਹ ਸ਼ੁਰੂ ਤੋਂ ਹੀ ਕੱਚਾ ਹੈ ਅਤੇ ਮੀਂਹ ਦੇ ਦਿਨਾਂ ਦੌਰਾਨ ਇਥੋਂ ਲੰਘਣ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਇਸ ਨਵੀਂ ਸੜਕ ਨੂੰ 18 ਫੁੱਟ ਚੌੜਾ ਬਣਵਾਇਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਅਤੇ ਵਾਹਨ ਚਾਲਕਾਂ ਨੂੰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ