ਪਟਿਆਲਾ, 24 ਅਪ੍ਰੈਲ (ਹਿੰ.ਸ.)। ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਮੁੱਠਤਾ ਪ੍ਰਗਟ ਕਰਨ ਅਤੇ ਇਸ ਦੀ ਸਖ਼ਤ ਨਿੰਦਾ ਕਰਨ ਲਈ, ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਨੇ ਅੱਜ ਸ਼ਾਮ ਇੱਥੇ ਕੈਂਡਲ ਮਾਰਚ ਕੀਤਾ। 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਇਸ ਭਿਆਨਕ ਹਮਲੇ ਵਿੱਚ 26 ਨਿਰਦੋਸ਼ ਲੋਕਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ, ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਅੱਤਵਾਦ ਵਿਰੁੱਧ ਸਾਂਝੇ ਸੰਘਰਸ਼ ਦੇ ਪ੍ਰਤੀਕ ਵਜੋਂ ਇਹ ਕੈਂਡਲ ਮਾਰਚ ਇੱਥੇ ਮਾਲ ਰੋਡ ਵਿਖੇ ਸਥਿਤ ਮਹਾਤਮਾ ਗਾਂਧੀ ਸਮਾਰਕ ਤੋਂ ਸ਼ੁਰੂ ਹੋਇਆ ਅਤੇ ਸ਼ਰਧਾ ਨਾਲ ਸ੍ਰੀ ਕਾਲੀ ਦੇਵੀ ਮੰਦਿਰ ਤੱਕ ਪਹੁੰਚਿਆ।
ਇਹ ਮੋਮਬੱਤੀ ਮਾਰਚ ਦੀ ਅਗਵਾਈ ਕਰਦਿਆਂ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਸਮੇਤ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ ਸਮੇਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਆਪ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਆਪ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਜਰਨੈਲ ਮੰਨੂ, ਪ੍ਰਦੀਪ ਜੋਸ਼ਨ, ਸੁਰਜੀਤ ਸਿੰਘ ਅਬਲੋਵਾਲ ਸਮੇਤ ਆਪ ਕੌਂਸਲਰਾਂ ਤੇ ਹੋਰ ਆਗੂਆਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਪਹਿਲਗਾਮ ਹਮਲੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ, “ਪਹਿਲਗਾਮ ਹਮਲਾ ਇੱਕ ਕਾਇਰਤਾਪੂਰਨ ਹਿੰਸਕ ਕਾਰਵਾਈ ਹੈ, ਜਿਸ ਨੇ ਪੂਰੇ ਦੇਸ਼ ਦੀ ਚੇਤਨਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਸੀਂ ਪੀੜਤ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਇਹ ਮਾਰਚ ਸ਼ਾਂਤੀ ਅਤੇ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਦਾ ਸਬੂਤ ਹੈ, ਅਤੇ ਅਸੀਂ ਅਧਿਕਾਰੀਆਂ ਨੂੰ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।”
ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਨੀਨਾ ਮਿੱਤਲ, ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਮੇਅਰ ਕੁੰਦਨ ਗੋਗੀਆ ਨੇ ਦੁਖਮਈ ਭਾਵਨਾਵਾਂ ਨੂੰ ਦੁਹਰਾਉਂਦਿਆਂ ਕਿਹਾ, “ਪਹਿਲਗਾਮ ਵਿੱਚ ਨਿਰਦੋਸ਼ ਜਾਨਾਂ ਦਾ ਜਾਨੀ ਨੁਕਸਾਨ ਦਿਲ ਦਹਿਲਾਉਣ ਵਾਲਾ ਹੈ। ਲੋਕਾਂ ਦੇ ਨੁਮਾਇੰਦਿਆਂ ਵਜੋਂ, ਅਸੀਂ ਇਸ ਵਹਿਸ਼ੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਪੀੜਤ ਪਰਿਵਾਰਾਂ ਨੂੰ ਸਹਿਯੋਗ ਦੇਣ ਦਾ ਵਾਅਦਾ ਕਰਦੇ ਹਾਂ। ਅਸੀਂ ਸੋਗੀ ਪਰਿਵਾਰਾਂ ਲਈ ਤਾਕਤ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।”
ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਜ਼ੋਰ ਦੇ ਕੇ ਕਿਹਾ, “ਇਹ ਮੋਮਬੱਤੀ ਮਾਰਚ ਸਿਰਫ਼ ਸੋਗ ਦਾ ਪ੍ਰਤੀਕ ਨਹੀਂ, ਸਗੋਂ ਨਿਆਂ ਦੀ ਮੰਗ ਵੀ ਹੈ। ਅਸੀਂ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਇਕਮੁੱਠ ਹਾਂ ਅਤੇ ਮੰਗ ਕਰਦੇ ਹਾਂ ਕਿ ਦੋਸ਼ੀਆਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਕਾਨੂੰਨ ਦੀ ਪੂਰੀ ਸਖਤੀ ਨਾਲ ਸਜ਼ਾ ਦਿੱਤੀ ਜਾਵੇ।”
ਆਪ ਆਗੂਆਂ ਨੇ ਅੱਗੇ ਕਿਹਾ ਕਿ ਇਹ ਮਾਰਚ ਅੱਤਵਾਦ ਦੇ ਮੁਕਾਬਲੇ ਵਿੱਚ ਏਕਤਾ ਦੀ ਜ਼ਰੂਰਤ ਦੀ ਇੱਕ ਸੰਜੀਦਾ ਕੜੀ ਹੈ ਅਤੇ ਇਹ ਆਮ ਆਦਮੀ ਪਾਰਟੀ ਦੇ ਹਿੰਸਾ ਅਤੇ ਕੱਟੜਵਾਦ ਵਿਰੁੱਧ ਸਟੈਂਡ ਦੀ ਪੁਸ਼ਟੀ ਕਰਦਾ ਹੈ। ਇਸ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਮੋਮਬੱਤੀਆਂ ਜਗਾਈਆਂ ਅਤੇ ਸ਼ਹੀਦਾਂ ਅਤੇ ਪੀੜਤਾਂ ਦੇ ਸਤਿਕਾਰ ਵਿੱਚ ਇੱਕ ਮਿੰਟ ਦਾ ਮੌਨ ਵੀ ਧਾਰਿਆ। ਕੈਂਡਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂਆਂ ਸਮੇਤ ਸਥਾਨਕ ਵਸਨੀਕਾਂ, ਸਮਾਜ ਜਥੇਬੰਦੀਆਂ ਦੇ ਮੈਂਬਰਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪਟਿਆਲਾ ਜ਼ਿਲ੍ਹੇ ਦੀ ਲੀਡਰਸ਼ਿਪ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਦੇਸ਼ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ