ਪਟਿਆਲਾ, 26 ਅਪ੍ਰੈਲ (ਹਿੰ. ਸ.)।
ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਮ੍ਰਿਦੁਲਾ ਬੁਬਲਾਨੀ ਵੀ ਉਨ੍ਹਾਂ ਦੇ ਨਾਲ ਸਨ।ਵਿਨੈ ਬੁਬਲਾਨੀ ਨੇ ਮੰਡਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣ ਦੌਰਾਨ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਵੀ ਦੇਖੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ।
ਇਸ ਤੋਂ ਪਹਿਲਾ ਵਿਨੈ ਬੁਬਲਾਨੀ ਨੇ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋਕੇ ਸਮੁੱਚੀ ਲੋਕਾਈ ਦੀ ਭਲਾਈ ਲਈ ਪ੍ਰਾਰਥਨਾ ਕਰਦਿਆਂ ਮਾਤਾ ਰਾਣੀ ਦੇ ਚਰਨਾਂ 'ਚ ਨਮਸ਼ਕਾਰ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਉਨ੍ਹਾਂ ਲਈ ਕੋਈ ਨਵਾਂ ਨਹੀਂ ਹੈ ਅਤੇ ਉਨ੍ਹਾਂ ਦਾ ਇਸ ਸ਼ਹਿਰ ਨਾਲ ਬਹੁਤ ਪੁਰਾਣਾ ਸਬੰਧ ਹੈ, ਇਸ ਲਈ ਜਿੱਥੇ ਉਹ ਪ੍ਰਮਾਤਮਾ ਦਾ ਸ਼ੁਕਰਨਾ ਕਰਦੇ ਹਨ, ਉਥੇ ਹੀ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦੇ ਵੀ ਸ਼ੁਕਰਗੁਜ਼ਾਰ ਹਨ, ਕਿ ਉਨ੍ਹਾਂ ਨੂੰ ਪਟਿਆਲਾ ਮੰਡਲ ਕਮਿਸ਼ਨਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ