ਫਾਜ਼ਿਲਕਾ, 9 ਮਈ (ਹਿੰ. ਸ.)। ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਤੇ ਅਤਿ-ਜ਼ਰੂਰੀ ਵਸਤੂਆਂ ਐਕਟ, 1955 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਰੂਰੀ ਵਸਤਾਂ ਜਿੰਨ੍ਹਾਂ ਵਿੱਚ ਅਨਾਜ ਅਤੇ ਹੋਰ ਖਾਣ ਪੀਣ ਦੀਆਂ ਵਸਤੂਆਂ, ਚਾਰਾ, ਦੁੱਧ ਤੇ ਡੇਅਰੀ ਉਤਪਾਦਾਂ, ਪੈਟਰੋਲ ਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਚੀਜਾਂ ਦਾ ਭੰਡਾਰ ਕਰਨ ਉੱਤੇ ਪਾਬੰਦੀ ਲਗਾਈ ਹੈ।ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਆਦਿ ਸਬੰਧੀ ਸਬੰਧਿਤ ਅਧਿਕਾਰੀ ਨੂੰ ਇਸ ਦੀ ਰਿਪੋਰਟ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜ਼ਰੂਰੀ ਵਸਤੂਆਂ ਤੇ ਪੈਟਰੋਲ ਡੀਜ਼ਲ ਆਦਿ ਸਬੰਧੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨਾਲ ਮੋਬਾਇਲ ਨੰਬਰ 94632-35400 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਵੈਟਨਰੀ ਸੇਵਾਵਾਂ ਸਬੰਧੀ ਐਸ ਵੀ ਓ ਵਿਜੈ ਕੁਮਾਰ ਨਾਲ ਮੋਬਾਇਲ ਨੰਬਰ 81469-14470 ਤੇ ਸੁਨੀਲ ਨਰੂਲਾ ਨਾਲ ਮੋਬਾਇਲ ਨੰਬਰ 70095-57889 ‘ਤੇ, ਮੰਡੀਆਂ ਵਿੱਚ ਸਬਜ਼ੀਆਂ ਤੇ ਫਲਾਂ ਆਦਿ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਸੂਲੋਧ ਬਿਸ਼ਨੋਈ ਨਾਲ ਸੰਪਰਕ ਨੰਬਰ 95010-00250 ‘ਤੇ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਪਸ਼ੂਆਂ ਦੇ ਚਾਰੇ ਆਦਿ ਸਬੰਧੀ ਮਾਰਕਫੈਡ ਦੇ ਡੀਐਮ ਕਮਲਦੀਪ ਸਿੰਘ ਨਾਲ ਫੋਨ ਨੰਬਰ 98760-93347 ਅਤੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਮਨੀਸ਼ ਧਿਮਾਨ ਨਾਲ ਫੋਨ ਨੰਬਰ ਨੌ 98032-17814 ‘ਤੇ ਕਾਲ ਕੀਤੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਵਸਤੂਆਂ ਦੀ ਫਰਜ਼ੀ ਘਾਟ ਨੂੰ ਰੋਕਣ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ।ਉਹਨਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਨੂੰ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਕੀਤੀ ਗਈ ਉਲੰਘਣਾ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਮ੍ਹਾਂਖੋਰੀ ਤੋਂ ਬਚਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਜਾਂ ਵਪਾਰੀ ਵਸਤੂਆਂ ਦੀ ਫਰਜ਼ੀ ਕਮੀ ਜਾਂ ਸ਼ੋਸ਼ਣਕਾਰੀ ਕੀਮਤਾਂ ਵਿੱਚ ਸ਼ਾਮਿਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ