ਚੰਡੀਗੜ੍ਹ, 26 ਜੁਲਾਈ (ਹਿੰ. ਸ.)। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 357, ਪਠਾਨਕੋਟ ਦੇ 72, ਰੂਪਨਗਰ ਦੇ 301, ਐਸ.ਏ.ਐਸ.ਨਗਰ ਦੇ 46, ਸੰਗਰੂਰ ਦੇ 55, ਮਾਲੇਰਕੋਟਲਾ ਦੇ 38 ਅਤੇ ਤਰਨਤਾਰਨ ਦੇ 157 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਹੇਠ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਜਿਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ ਅਤੇ ਉਹ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਅਜਿਹੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਹ ਲਾਭ ਦਿੱਤਾ ਜਾ ਸਕਦਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਦਿਆਂ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ