ਫਾਜ਼ਿਲਕਾ 31 ਜੁਲਾਈ (ਹਿੰ. ਸ.)। ਸੂਬਾ ਸਰਕਾਰ ਵੱਲੋਂ ਵਿੱਢੀ ਗਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਸਿਲੇਬਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਗੁਰਮੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ|ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣਗੇ ਅਤੇ ਇਸ ਵਿੱਚ ਦਸਤਾਵੇਜ਼ੀ, ਕੁਇੱਜ਼, ਪੋਸਟਰ ਅਤੇ ਇੰਟਰਐਕਟਿਵ ਗਤੀਵਿਧੀਆਂ ਸ਼ਾਮਲ ਹੋਣਗੀਆਂ। ਇਹ ਯਤਨ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਦੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਆਯੋਜਿਤ ਕੀਤਾ ਜਾਣ ਵਾਲਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਨਵੀ ਦਿਸ਼ਾ ਪ੍ਰਦਾਨ ਕਰੇਗਾ |
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ