ਮੋਹਾਲੀ, 1 ਅਗਸਤ (ਹਿੰ. ਸ.)। ਮੋਹਾਲੀ ਜ਼ਿਲ੍ਹੇ ਵਿੱਚ ਪਿੰਡ ਮਾਣਕਪੁਰ ਸ਼ਰੀਫ ਦੀ ਪੰਚਾਇਤ ਨੇ ਮੁੰਡੇ ਅਤੇ ਕੁੜੀ ਦੇ ਪ੍ਰੇਮ ਵਿਆਹ ‘ਤੇ ਸਖ਼ਤ ਫੈਸਲਾ ਲਿਆ ਹੈ ਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮੁੰਡਾ ਜਾਂ ਕੁੜੀ ਘਰੋਂ ਭੱਜ ਕੇ ਵਿਆਹ ਕਰਵਾਉਂਦਾ ਹੈ ਜਾਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੋਰਟ ਮੈਰਿਜ ਕਰਵਾਉਂਦਾ ਹੈ, ਤਾਂ ਉਨ੍ਹਾਂ ਨੂੰ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੋਵੇਗਾ। ਉਨ੍ਹਾਂ ਨੂੰ ਪਿੰਡ ਦੀਆਂ ਸਾਰੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾਵੇਗਾ। ਪਿੰਡ ਮਾਣਕਪੁਰ ਸ਼ਰੀਫ ਦੇ ਸਰਪੰਚ ਦਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰਸਤਾਵ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੁਆਰਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ’ਚ ਦੋਵਾਂ ਦੇ ਪਰਿਵਾਰਾਂ ਵਿੱਚ ਭਾਰੀ ਨਾਰਾਜ਼ਗੀ ਦੇ ਕਾਰਨ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ, ਇਸ ਜੋੜੇ ਨੂੰ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਦੋਵਾਂ ਪਰਿਵਾਰਾਂ ਨੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ ਹੈ। ਫ਼ਿਲਹਾਲ ਪ੍ਰੇਮੀ ਜੋੜਾ ਪਿੰਡ ਛੱਡ ਕੇ ਚਲਾ ਗਿਆ ਹੈ।ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਪਿੰਡ ਵਾਸੀ ਅਜਿਹੇ ਜੋੜੇ ਦੀ ਮਦਦ ਕਰਦਾ ਹੈ ਜਾਂ ਉਨ੍ਹਾਂ ਨੂੰ ਪਨਾਹ ਦਿੰਦਾ ਹੈ, ਤਾਂ ਪੰਚਾਇਤ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰੇਗੀ।ਪੰਚਾਇਤ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਸ ਸਮੇਂ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਮਾਮਲਾ ਪਿੰਡ ਦੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਿਆ ਗਿਆ ਹੈ। ਮੋਹਾਲੀ ਦੇ ਏ. ਡੀ. ਸੀ. ਦਿਹਾਤੀ ਸੋਨਮ ਚੌਧਰੀ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਅਜੇ ਤੱਕ ਅਜਿਹੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਕੋਈ ਲੜਕਾ ਜਾਂ ਲੜਕੀ ਨਾਬਾਲਿਗ ਹੈ, ਤਾਂ ਪਰਿਵਾਰ ਫੈਸਲਾ ਲੈ ਸਕਦਾ ਹੈ, ਪਰ ਜੇਕਰ ਉਹ ਬਾਲਗ ਹਨ ਤਾਂ ਉਨ੍ਹਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਹੈ। ਜੇਕਰ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਕਾਨੂੰਨ ਅਨੁਸਾਰ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ