ਫ਼ਾਜ਼ਿਲਕਾ, 30 ਅਗਸਤ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ। ਉਨ੍ਹਾਂ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਚ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਹੋਏ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਉਥੋਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਨਾਲ ਪਸ਼ੂਆਂ ਲਈ ਹਰਾ ਚਾਰਾ ਲਿਆਂਦਾ ਗਿਆ ਹੈ ਅਤੇ ਕੱਲ੍ਹ ਪਿੰਡ ਵਾਸੀਆਂ ਲਈ ਰਾਸ਼ਨ ਵੀ ਪਹੁੰਚ ਜਾਵੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤੁਰੰਤ ਪਾਣੀ ਦੀ ਮਾਰ ਹੇਠ ਆਏ ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਸਮੱਗਰੀ, ਪਸ਼ੂਆਂ ਲਈ ਹਰਾ ਚਾਰਾ ਤੇ ਹੋਰ ਲੋੜੀਂਦੇ ਸਾਮਾਨ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਵਲੋਂ ਬੈਂਕ ਤੋਂ ਜੋ ਕਰਜ਼ਾ ਲਿਆ ਗਿਆ ਹੈ, ਉਹ ਵਿਆਜ ਮੁਆਫ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਖਰਾਬ ਹੋਈ ਫਸਲ ਦਾ ਘੱਟੋ-ਘੱਟ 40 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਹੜ੍ਹਾਂ ਦੇ ਹਾਲਾਤ ਬਣੇ ਹੋਏ ਹਨ, ਉਸ ਦਾ ਕਾਰਨ ਸੇਮ ਨਾਲਿਆਂ ਅਤੇ ਦਰਿਆਵਾਂ ਵਿਚ ਸਮਾਂ ਰਹਿੰਦਿਆਂ ਸਹੀ ਢੰਗ ਨਾਲ ਸਫਾਈ ਦਾ ਨਾ ਹੋਣਾ ਹੈ। ਉਨ੍ਹਾਂ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਬੀਤੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਵਲੋਂ ਦਰਿਆਵਾਂ ਦੇ ਪ੍ਰਬੰਧਾਂ ਨੂੰ ਲੈ ਕੇ ਇਕ ਵੀ ਮੀਟਿੰਗ ਨਹੀਂ ਸੱਦੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ