ਨਿਹਾਲ ਸਿੰਘ ਵਾਲਾ (ਮੋਗਾ), 30 ਅਗਸਤ (ਹਿੰ .ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੱਲੋਂ 8 ਟਨ ਚਾਰੇ ਦਾ ਟਰੱਕ ਜਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਭੇਜਿਆ ਗਿਆ। ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੇ ਸਮੁੱਚਾ ਪ੍ਰਸ਼ਾਸਨ ਦਿਨ ਰਾਤ ਇੱਕ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਉੱਥੇ ਇਸ ਮੁਸ਼ਕਲ ਦੀ ਘੜੀ ਵਿੱਚ ਆਮ ਲੋਕਾਂ ਨੂੰ ਵੀ ਅੱਗੇ ਵੱਧ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਹੜ੍ਹ ਪੀੜਤਾਂ ਦੀਆਂ ਦਿੱਕਤਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਲਾਤ ਮੁੜ ਪਹਿਲਾਂ ਵਾਂਗ ਸੁਖਾਵੇਂ ਹੋ ਜਾਣ ਤੇ ਜਿਨ੍ਹਾਂ ਲੋਕਾਂ ਦੇ ਘਰ ਛੁਟ ਗਏ ਹਨ, ਉਹ ਮੁੜ ਰਾਜ਼ੀ ਖੁਸ਼ੀ ਆਪਣੇ ਘਰਾਂ ਵਿੱਚ ਵੱਸਣ। ਓਹਨਾਂ ਕਿਹਾ ਕਿ ਹਰ ਇੱਕ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ। ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਪੱਧਰ ਉੱਤੇ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਇਸ ਚਾਰੇ ਵਿੱਚ ਯੋਗਦਾਨ ਪਾਉਣ ਵਾਲੇ ਸਮਾਜਸੇਵੀਆਂ ਦਾ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ