ਨਵੀਂ ਦਿੱਲੀ, 5 ਅਗਸਤ (ਹਿੰ.ਸ.)। ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦਿਹਾਂਤ 'ਤੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੋਗ ਪ੍ਰਗਟ ਕੀਤਾ ਹੈ। ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇ.ਸੀ. ਵੇਣੂਗੋਪਾਲ ਸਮੇਤ ਕਈ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਨੂੰ ਸੱਚਾਈ ਅਤੇ ਲੋਕ ਹਿੱਤ ਦੀ ਬੁਲੰਦ ਆਵਾਜ਼ ਦੱਸਿਆ।
ਕਾਂਗਰਸ ਪ੍ਰਧਾਨ ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ ਕਿ ਸਾਬਕਾ ਰਾਜਪਾਲ ਅਤੇ ਕਿਸਾਨ-ਪੱਖੀ ਨੇਤਾ ਸੱਤਿਆਪਾਲ ਮਲਿਕ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮਲਿਕ ਨੇ ਹਮੇਸ਼ਾ ਨਿਡਰਤਾ ਅਤੇ ਦਲੇਰੀ ਨਾਲ ਸੱਤਾ ਨੂੰ ਸੱਚਾਈ ਦਾ ਸ਼ੀਸ਼ਾ ਦਿਖਾਇਆ। ਖੜਗੇ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਰਾਹੁਲ ਗਾਂਧੀ ਨੇ ਐਕਸ 'ਤੇ ਸ਼ੋਕ ਸੰਦੇਸ਼ ਵਿੱਚ ਲਿਖਿਆ ਕਿ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਹਮੇਸ਼ਾ ਇੱਕ ਅਜਿਹੇ ਵਿਅਕਤੀ ਵਜੋਂ ਯਾਦ ਰੱਖਾਂਗਾ ਜੋ ਆਖਰੀ ਪਲ ਤੱਕ ਬਿਨਾਂ ਕਿਸੇ ਡਰ ਦੇ ਸੱਚ ਬੋਲਦੇ ਰਹੇ ਅਤੇ ਜਨਤਾ ਦੇ ਹਿੱਤਾਂ ਦੀ ਗੱਲ ਕਰਦੇ ਰਹੇ। ਰਾਹੁਲ ਗਾਂਧੀ ਨੇ ਸਵਰਗੀ ਨੇਤਾ ਦੇ ਪਰਿਵਾਰ, ਸਮਰਥਕਾਂ ਅਤੇ ਸ਼ੁਭਚਿੰਤਕਾਂ ਨਾਲ ਸੰਵੇਦਨਾ ਪ੍ਰਗਟ ਕੀਤੀ।
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਲਿਖਿਆ ਕਿ ਦੇਸ਼ ਦੇ ਕਿਸਾਨਾਂ ਦੀ ਬੁਲੰਦ ਆਵਾਜ਼ ਅਤੇ ਸਾਬਕਾ ਰਾਜਪਾਲ ਸੱਤਿਆਪਾਲ ਸਿੰਘ ਮਲਿਕ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ ਲਈ ਪ੍ਰਾਰਥਨਾ ਕੀਤੀ।
ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਸੱਤਿਆਪਾਲ ਮਲਿਕ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਖ਼ਬਰ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਕਿਹਾ ਕਿ ਮਲਿਕ ਨੂੰ ਪਾਰਦਰਸ਼ਤਾ, ਕਿਸਾਨਾਂ ਦੀ ਭਲਾਈ ਅਤੇ ਚੁਣੇ ਹੋਏ ਅਦਾਰਿਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਨੇਤਾ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਨਾਲ ਸੰਵੇਦਨਾ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਇੱਥੇ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ ਅਤੇ 11 ਮਈ ਤੋਂ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਮਲਿਕ ਦੇ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਕਾਰਜਕਾਲ ਦੌਰਾਨ ਹੀ ਕੇਂਦਰ ਸਰਕਾਰ ਨੇ 5 ਅਗਸਤ, 2019 ਨੂੰ ਧਾਰਾ 370 ਅਤੇ 35 ਏ ਨੂੰ ਖਤਮ ਕਰ ਦਿੱਤਾ ਸੀ। ਇਹ ਸਿਰਫ਼ ਇੱਕ ਇਤਫ਼ਾਕ ਹੈ ਕਿ ਉਨ੍ਹਾਂ ਨੇ 5 ਅਗਸਤ ਨੂੰ ਆਖਰੀ ਸਾਹ ਲਿਆ।
ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਸੱਤਿਆਪਾਲ ਮਲਿਕ ਨੇ ਮੰਗਲਵਾਰ ਦੁਪਹਿਰ 1.12 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੂੰ ਗੰਭੀਰ ਪਿਸ਼ਾਬ ਨਾਲੀ ਦੀ ਲਾਗ ਅਤੇ ਗੁਰਦੇ ਫੇਲ੍ਹ ਹੋਣ ਦੀਆਂ ਪੇਚੀਦਗੀਆਂ ਕਾਰਨ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਰੱਖਿਆ ਗਿਆ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ