ਫਾਜ਼ਿਲਕਾ 9 ਅਗਸਤ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਗਿਰਦਾਵਰੀ ਅਨੁਸਾਰ ਜੋ ਰਿਪੋਰਟ ਤਿਆਰ ਹੋਵੇਗੀ ਉਸ ਨਾਲ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੀਤੀ ਅਨੁਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪਾਣੀ ਨਿਕਾਸੀ ਲਈ ਜੋ ਵੀ ਸਰਕਾਰੀ ਮਦਦ ਦੀ ਜਰੂਰਤ ਹੋਵੇਗੀ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਪਿੰਡਾਂ ਵਿੱਚ ਰਹਿ ਕੇ ਜਲ ਨਿਕਾਸੀ ਦੇ ਕੰਮਾਂ ਦਾ ਨਿਰੀਖਣ ਕਰਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ