ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਬੀਤੀ ਰਾਤ ਨਗਰ ਕੀਰਤਨ ਦਾ ਅਲਾਹਾਬਾਦ ਪੁੱਜਣ ’ਤੇ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ
,


ਅੰਮ੍ਰਿਤਸਰ, 1 ਸਤੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਵੱਖ-ਵੱਖ ਪੜਾਵਾਂ ’ਤੇ ਜਿਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ, ਉਥੇ ਹੀ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਹਨ। ਬੀਤੀ ਰਾਤ ਨਗਰ ਕੀਰਤਨ ਦਾ ਅਲਾਹਾਬਾਦ ਪੁੱਜਣ ’ਤੇ ਮੈਂਬਰ ਪਾਰਲੀਮੈਂਟ ਪ੍ਰਵੀਨ ਪਟੇਲ, ਵਿਧਾਇਕ ਹਰਸ਼ਵਰਦਨ ਵਾਜਪਾਈ, ਮੇਅਰ ਉਮੇਸ਼ ਗਨੇਸ਼ ਕੇਸਰਵਾਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਹ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਖੁਲਦਾਬਾਦ ਅਲਾਹਾਬਾਦ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਾਨ੍ਹਪੁਰ ਪੁੱਜਾ। ਰਸਤੇ ਵਿਚ ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ, ਉਥੇ ਹੀ ਏਅਰ ਫੋਰਸ ਦੇ ਜਵਾਨਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਵੱਖ-ਵੱਖ ਪੜਾਵਾਂ ’ਤੇ ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਅੱਗੇ ਤੋਂ ਨਗਰ ਕੀਰਤਨ ਦੇ ਸਵਾਗਤ ਲਈ ਆਈਆਂ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਵਿਖੇ ਰੁਕੇਗਾ, ਜਿਥੋਂ 2 ਸਤੰਬਰ ਨੂੰ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande