ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ
21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ
.


ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 1 ਸਤੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੀ ਅਗਲੀ ਰੂਪ-ਰੇਖਾ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ’ਤੇ ਚਰਚਾ ਹੋਈ। ਸੋਮਵਾਰ ਦੀ ਇਕੱਤਰਤਾ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਦੇਸ਼-ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿਚ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਸਬੰਧੀ ਅੱਜ ਦੀ ਇਕੱਤਰਤਾ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਤੇ ਸ਼ਹਾਦਤ ਨਾਲ ਸਬੰਧਿਤ ਵਿਸ਼ਿਆਂ ਉੱਤੇ ਖ਼ਾਲਸਾ ਕਾਲਜ ਪਟਿਆਲਾ, ਸ੍ਰੀ ਗੁਰੂ ਤੇਗ਼ ਬਹਾਦੁਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਵੱਡੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕ ਅੰਤਰਰਾਸ਼ਟਰੀ ਸੈਮੀਨਾਰ ਦਿੱਲੀ ਵਿਖੇ ਕੀਤਾ ਜਾਵੇਗਾ, ਜਿਸ ਵਿਚ ਨਾਮਵਰ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਕਾਰਕੁੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਜੀਵਨ ਤੇ ਸ਼ਹਾਦਤ ਦੇ ਅੰਤਰਰਾਸ਼ਟਰੀ ਪ੍ਰਸੰਗ ਦੇ ਮਹੱਤਵ ਨੂੰ ਦੱਸਣਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਸ਼ਤਾਬਦੀ ਦੇ ਸਬੰਧ ਵਿਚ ਦੇਸ਼-ਵਿਦੇਸ਼ ਵਿਚ ਸੰਗਤ ਵਲੋਂ ਘਰਾਂ ਵਿਚ ਆਰੰਭ ਕੀਤੇ ਗਏ 35 ਹਜ਼ਾਰ ਸਹਿਜ ਪਾਠਾਂ ਦੇ 16 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦੁਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਭੋਗ ਪਾਏ ਜਾਣਗੇ। ਉਪਰੰਤ ਵਿਦਿਆਰਥੀਆਂ ਅਤੇ ਬੀਬੀਆਂ ਦੇ ਰਾਗੀ ਜਥਿਆਂ ਵਲੋਂ ਨਿਰਧਾਰਿਤ ਰਾਗਾਂ ਵਿਚ ਕੀਰਤਨ ਕੀਤਾ ਜਾਵੇਗਾ।ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਧੂਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਦੇਸ਼ ਦੇ 20 ਤੋਂ ਵੱਧ ਸੂਬਿਆਂ ਵਿਚੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਦੇਸ਼ ਭਰ ਵਿਚ ਸੰਗਤਾਂ ਵਲੋਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦਾ ਸੀਸ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਦੀ ਯਾਦ ਵਿਚ ਬਾਬਾ ਮੇਜਰ ਸਿੰਘ ਮੁਖੀ ਦਸਮੇਸ਼ ਤਰਨਾ ਦਲ ਵਲੋਂ 25 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ‘ਸੀਸ ਮਾਰਚ’ ਆਰੰਭ ਕਰਕੇ ਪੜਾਅਵਾਰ 28 ਨਵੰਬਰ ਨੂੰ ਗੁ. ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਹ ਪੁੱਜੇਗਾ, ਜਿੱਥੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿਚ 29 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਬਾਣੀ ਦੇ ਸ਼ਬਦਾਂ ਅਤੇ ਸਲੋਕਾਂ ਨੂੰ ਨਿਰਧਾਰਿਤ 15 ਰਾਗਾਂ ਵਿਚ ਵੱਖ-ਵੱਖ ਰਾਗੀ ਜਥਿਆਂ ਅਤੇ ਸੰਗੀਤਕਾਰਾਂ ਦੀ ਆਵਾਜ਼ ਵਿਚ ਰਿਕਾਰਡ ਕਰਵਾਇਆ ਗਿਆ ਹੈ।ਅੱਜ ਦੀ ਇਕੱਤਰਤਾ ਵਿਚ ਸ਼ਤਾਬਦੀ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ-85 ਦੇ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਿੱਖ ਸੰਪਰਦਾਵਾਂ, ਸੰਤਾਂ-ਮਹਾਂਪੁਰਸ਼ਾਂ ਵਲੋਂ ਵੀ ਸ੍ਰੀ ਅਨੰਦਪੁਰ ਸਾਹਿਬ ਤੇ ਆਸਪਾਸ ਦੇ ਇਲਾਕਿਆਂ ਵਿਚ ਲੰਗਰ ਲਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande