ਫਾਜ਼ਿਲਕਾ, 18 ਸਤੰਬਰ (ਹਿੰ. ਸ.)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਫਸਲ ਪੂਰੀ ਤਰਾਂ ਪੱਕਣ ਤੇ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਨੂੰ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਇਹ ਗੱਲ ਅੱਜ ਇੱਥੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਬੈਠਕ ਮੌਕੇ ਆਖੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 67 ਖਰੀਦ ਕੇਂਦਰ ਬਣਾਏ ਜਾ ਰਹੇ ਹਨ। ਉਹਨਾਂ ਨੇ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਹਰ ਪ੍ਰਕਾਰ ਦੇ ਬੁਨਿਆਦੀ ਇੰਤਜ਼ਾਮ ਤੁਰੰਤ ਪੂਰੇ ਕਰ ਲਏ ਜਾਣ। ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਰੌਸ਼ਨੀ, ਸਫਾਈ, ਪੀਣ ਦਾ ਪਾਣੀ, ਛਾਂ ਆਦਿ ਦੇ ਪ੍ਰਬੰਧ ਹੋਣ । ਉਹਨਾਂ ਨੇ ਕਿਹਾ ਕਿ ਮੰਡੀ ਵਿੱਚ ਤਰਪਾਲਾਂ ਦੀ ਵਿਵਸਥਾ ਵੀ ਹੋਵੇ। ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਸੁੱਕੀ ਫਸਲ ਮੰਡੀ ਵਿੱਚ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿੱਚ ਹੜਾਂ ਅਤੇ ਬਾਰਿਸ਼ਾਂ ਨਾਲ ਫਸਲਾਂ ਦੇ ਹੋਏ ਖਰਾਬੇ ਦੀ ਚੱਲ ਰਹੀ ਗਿਰਦਾਵਰੀ ਦੀ ਸਮੀਖਿਆ ਲਈ ਵੀ ਬੈਠਕ ਕੀਤੀ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਵੇਖਣ ਕਾਰਜ ਪੂਰੀ ਪਾਰਦਰਸ਼ਤਾ ਨਾਲ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਦੀ ਪੋਲਸੀ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ