ਅੰਮ੍ਰਿਤਸਰ, 18 ਸਤੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ ਛਤੀਸਗੜ੍ਹ ਸੂਬੇ ’ਚ ਪਹੁੰਚਣ ’ਤੇ ਸਥਾਨਕ ਸਰਕਾਰ ਵੱਲੋਂ ਉੱਪ ਮੁੱਖ ਮੰਤਰੀ ਵਿਜੈ ਸ਼ਰਮਾ ਵੱਲੋਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਵਿਜੈ ਸ਼ਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨੂੰ ਛਤੀਸਗੜ੍ਹ ਸਰਕਾਰ ਨੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ, ਤਾਂ ਜੋ ਬੱਚੇ ਇਸ ਮਹਾਨ ਵਿਰਾਸਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਪੂਰੇ ਛਤੀਸਗੜ੍ਹ ਅੰਦਰ ਨਗਰ ਕੀਰਤਨ ਦੇ ਰਸਤੇ ’ਤੇ ਸਰਕਾਰ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਨਾ ਬਣੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਉਪ ਮੁੱਖ ਮੰਤਰੀ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਅਤੇ ਨਗਰ ਕੀਰਤਨ ਨਾਲ ਸ਼ਾਮਿਲ ਇਤਿਹਾਸਕ ਸ਼ਸਤਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੂਬੇ ਅੰਦਰ ਸਰਕਾਰ ਮਿਲੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਿਲਾਸਪੁਰ ਵਿਖੇ ਵਿਸ਼ਰਾਮ ਕਰਨ ਮਗਰੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਰਬਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ