ਅੰਮ੍ਰਿਤਸਰ, 18 ਸਤੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਯੂਐਸਏ ਨਿਵਾਸੀ ਦਲਬੀਰ ਸਿੰਘ ਗਿੱਲ, ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ ਤੇ ਗੁਰਜੀਤ ਸਿੰਘ ਨੀਲਾ ਨਲੋਆ ਵੱਲੋਂ 5 ਲੱਖ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਉੜੀਸਾ ਦੇ ਪ੍ਰਧਾਨ ਸਤਪਾਲ ਸਿੰਘ ਵੱਲੋਂ ਵੀ 15 ਲੱਖ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ ਹਨ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੱਲ ਰਹੇ ਕਾਰਜਾਂ ਵਿਚ ਸਹਿਯੋਗ ਕਰ ਰਹੀਆਂ ਹਨ, ਜਿਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਥੇ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਦੀ ਲੋੜ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਦੀ ਬਿਜਾਈ ਵਾਸਤੇ ਸਹਾਇਤਾ ਦੇ ਨਾਲ-ਨਾਲ ਸਕੂਲੀ ਬੱਚਿਆਂ ਨੂੰ ਕਿਤਾਬਾਂ ਦੀ ਵੀ ਤੁਰੰਤ ਲੋੜ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਜਿੰਨਾ ਬੱਚਿਆਂ ਨੂੰ ਕਿਤਾਬਾਂ ਖਰਾਬ ਹੋਣ ਕਾਰਨ ਮੁਸ਼ਕਲ ਆ ਰਹੀ ਹੈ, ਉਨ੍ਹਾਂ ਦੇ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪ੍ਰਬੰਧ ਕੀਤੇ ਜਾ ਸਕਣ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਇਸ ਮੁਸੀਬਤ ਦੇ ਸਮੇਂ ਸਹਿਯੋਗ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੇਟਾਵਾਂ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਅਤੇ ਪੀੜਤਾਂ ਦੀਆਂ ਲੋੜਾਂ ਅਨੁਸਾਰ ਨਾਲ ਜਾ ਕੇ ਸੇਵਾ ਕਰਨ, ਤਾਂ ਜੋ ਉਨ੍ਹਾਂ ਵੱਲੋਂ ਦਿੱਤੀਆਂ ਭੇਟਾਵਾਂ ਲੋੜਵੰਦਾਂ ਤੱਕ ਪੁੱਜ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਦਲਬੀਰ ਸਿੰਘ ਦਾ ਪਰਿਵਾਰ ਗੁਰੂ ਘਰ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਸੇਵਾਵਾਂ ਕਰਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ