ਬਟਾਲਾ, 30 ਸਤੰਬਰ (ਹਿੰ. ਸ.)। ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਧਾਰੀਵਾਲ ਭੋਜਾ ਤੋਂ ਅਰਜਨਪੁਰ ਤੱਕ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਜਾਰੀ ਹਨ, ਜਿਸ ਲਈ ਵੱਖ-ਵੱਖ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਚੱਲ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਉਣ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ