ਚੰਡੀਗੜ੍ਹ, 4 ਸਤੰਬਰ (ਹਿੰ.ਸ.)। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਆਫ਼ਤ ਦੀ ਘੜੀ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਿਵਰਾਜ ਚੌਹਾਨ ਵੀਰਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਪਹੁੰਚਦੇ ਹੀ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਮੰਤਰੀ ਨੂੰ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਦੀ ਹੜ੍ਹ ਰਿਪੋਰਟ ਸੌਂਪੀ। ਇਸ ਤੋਂ ਬਾਅਦ ਸ਼ਿਵਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ, ਪੇਂਡੂ ਵਿਕਾਸ, ਜਲ ਸ਼ਕਤੀ, ਊਰਜਾ ਅਤੇ ਹੋਰ ਸਬੰਧਤ ਮੰਤਰਾਲਿਆਂ ਦੀਆਂ ਦੋ ਟੀਮਾਂ ਵੀ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੀਆਂ ਅਤੇ ਨੁਕਸਾਨ ਦਾ ਜਾਇਜ਼ਾ ਲੈਣਗੀਆਂ।
ਸ਼ਿਵਰਾਜ ਨੇ ਦੱਸਿਆ ਕਿ ਉਹ ਖੁਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਨਾਲ ਗੱਲ ਕਰਨਗੇ, ਤਾਂ ਜੋ ਜ਼ਮੀਨੀ ਹਲਾਤਾਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੂਬਾ ਹੜ੍ਹਾਂ ਦੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਤਾਂ ਕੇਂਦਰ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ।
ਸ਼ਿਵਰਾਜ ਨੇ ਦੱਸਿਆ ਕਿ ਹੁਣ ਤੱਕ 1400 ਪਿੰਡਾਂ ਦੇ ਪ੍ਰਭਾਵਿਤ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ। ਨਾਲ ਹੀ ਫਸਲਾਂ ਅਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਅੰਮ੍ਰਿਤਸਰ ਪਹੁੰਚਣ 'ਤੇ ਚੌਹਾਨ ਦੇ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਮੰਤਰੀ ਕੁਲਦੀਪ ਧਾਲੀਵਾਲ ਨੇ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਸਬੰਧਿਤ ਰਿਪੋਰਟ ਦਿੱਤੀ। ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਸਕੱਤਰ ਤਰੁਣ ਚੁੱਘ ਅਤੇ ਕਈ ਹੋਰ ਆਗੂਆਂ ਨੇ ਵੀ ਸ਼ਿਵਰਾਜ ਚੌਹਾਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ